ਬਰਨਾਲਾ ਬਿਊਰੋ
ਬਲਾਕ ਮਹਿਲ ਕਲਾਂ ਦੇ ਪੰਜ ਪਿੰਡਾਂ ਧਨੇਰ, ਚੌਹਾਨਕੇ ਕਲਾਂ, ਨਾਈਵਾਲਾ, ਚੀਮਾ ਅਤੇ ਚੁੰਘਾ ਵਿੱਚ ਲੋਕਾਂ ਦੁਆਰਾ ਚੁਣੀਆਂ ਹੋਈਆਂ ਪੰਚਾਇਤਾਂ ਦੀ ਥਾਂ ਸਰਕਾਰੀ ਪ੍ਰਬੰਧਕ ਨਿਯੁਕਤ ਕਰਨ ਦੇ ਵਿਰੋਧ ਵਿੱਚ ਅੱਜ ਬੀਡੀਪੀਓ ਦਫ਼ਤਰ ਮਹਿਲ ਕਲਾਂ ਅਤੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ‘ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਭਾਈ ਲਾਲੋ ਪੰਜਾਬੀ ਮੰਚ ਦੇ ਸੀਨੀਅਰ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਲਗਾਏ ਗਏ ਇਸ ਵਿਸ਼ਾਲ ਧਰਨੇ ਵਿੱਚ ਪੰਜਾਂ ਪਿੰਡਾਂ ਦੇ ਸਰਪੰਚਾਂ, ਪੰਚਾਂ ਸਮੇਤ ਕਿਸਾਨ, ਮਜ਼ਦੂਰ, ਸਮਾਜਿਕ ਅਤੇ ਸਿਆਸੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਆਖਿਆ ਕਿ

ਚੁਣੇ ਹੋਏ ਨੁਮਾਇੰਦਿਆਂ ਨੂੰ ਅਣਡਿੱਠ ਕਰਕੇ ਪ੍ਰਬੰਧਕਾਂ ਰਾਹੀਂ ਪਿੰਡਾਂ ਦਾ ਕੰਮ ਚਲਾਉਣਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਪੰਚਾਇਤੀ ਰਾਜ ਪ੍ਰਣਾਲੀ ਦਾ ਸ਼ਰੇਆਮ ਘਾਣ ਹੈ, ਜਿਸ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਪੰਚਾਇਤੀ ਨੁਮਾਇੰਦਿਆਂ ਨੇ ਮੰਗ ਕੀਤੀ ਕਿ ਲਗਾਏ ਗਏ ਪ੍ਰਬੰਧਕਾਂ ਨੂੰ ਤੁਰੰਤ ਹਟਾ ਕੇ ਸਰਪੰਚਾਂ ਨੂੰ ਉਨ੍ਹਾਂ ਦੇ ਬਣਦੇ ਸੰਵਿਧਾਨਕ ਅਧਿਕਾਰ ਬਹਾਲ ਕੀਤੇ ਜਾਣ। ਇਸ ਦੌਰਾਨ ਤਹਿਸੀਲਦਾਰ ਸੁਖਬੀਰ ਸਿੰਘ, ਪੁਲਿਸ ਉਪ ਕਪਤਾਨ ਸਤਵਿੰਦਰ ਸਿੰਘ ਵਿਰਕ ਅਤੇ ਥਾਣਾ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਧਰਨਾਕਾਰੀਆਂ ਨਾਲ ਲੰਮੀ ਗੱਲਬਾਤ ਕੀਤੀ, ਪਰ ਪ੍ਰਸ਼ਾਸਨ ਵੱਲੋਂ ਕੋਈ ਠੋਸ ਭਰੋਸਾ ਨਾ ਮਿਲਣ ਕਾਰਨ ਇਹ ਵਾਰਤਾ ਬੇਸਿੱਟਾ ਰਹੀ। ਇਸ ਤੋਂ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀ ਮਹਿਲ ਕਲਾਂ ਬੱਸ ਸਟੈਂਡ ਨੇੜੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ‘ਤੇ ਜਾ ਬੈਠੇ ਅਤੇ ਚੱਕਾ ਜਾਮ ਕਰ ਦਿੱਤਾ। ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਪੰਚਾਇਤਾਂ ਨੂੰ ਬਹਾਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਖ਼ਬਰ ਲਿਖੇ ਜਾਣ ਤੱਕ ਮੁੱਖ ਮਾਰਗ ‘ਤੇ ਧਰਨਾ ਲਗਾਤਾਰ ਜਾਰੀ ਸੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਰਹੀ ਸਫ਼ਲ, ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ |









Users Today : 7
Users Yesterday : 10
Users Last 7 days : 370