ਪਟਿਆਲਾ ਬਿਊਰੋ
ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਦਿੱਤੇ ਗਏ ਵੱਡੇ ਨਾਅਰਿਆਂ ਦੇ ਉਲਟ ਅੱਜ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਸਰਕਾਰੀ ਸਕੂਲਾਂ ਦੀ ਹਾਲਤ ਬੇਹੱਦ ਚਿੰਤਾਜਨਕ ਬਣੀ ਹੋਈ ਹੈ ਅਤੇ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਅਧੂਰੀਆਂ ਗ੍ਰਾਂਟਾਂ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੂੰ ਭਾਰੀ ਮੁਸ਼ਕਲਾਂ ਵਿੱਚ ਪਾ ਦਿੱਤਾ ਹੈ। ਇਸ ਗੰਭੀਰ ਮਾਮਲੇ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਸਾਂਝੇ ਤੌਰ ‘ਤੇ ਤਿੱਖੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਸਿੱਖਿਆ ਪ੍ਰਣਾਲੀ ਦੇ ਸੁਧਾਰ ਦੇ ਆਪਣੇ ਕੀਤੇ ਹੋਏ ਵੱਡੇ-ਵੱਡੇ ਵਾਅਦਿਆਂ ਅਤੇ ਐਲਾਨਾਂ ਤੋਂ ਪੂਰੀ ਤਰ੍ਹਾਂ ਪਿੱਛੇ ਭੱਜਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਖੁਸ਼ਹਾਲੀ ਦੇ ਅਦਾਰਿਆਂ ਅਤੇ ਉੱਤਮਤਾ ਦੇ ਕੇਂਦਰਾਂ ਵਜੋਂ ਵਿਕਸਤ ਕਰਨ ਦੇ ਵੱਡੇ ਪੱਧਰ ‘ਤੇ ਐਲਾਨ ਕੀਤੇ ਗਏ ਸਨ ਪ੍ਰੰਤੂ ਅਸਲੀਅਤ ਵਿੱਚ ਜ਼ਮੀਨੀ ਪੱਧਰ ‘ਤੇ ਅਜੇ ਤੱਕ ਕੋਈ ਵੀ ਕੰਮ ਮੁਕੰਮਲ ਨਹੀਂ ਹੋ ਸਕਿਆ ਜਿਸ ਕਾਰਨ ਸਕੂਲਾਂ ਦੇ ਹਾਲਾਤ ਦਿਨ-ਬ-ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਅਧਿਆਪਕ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਦੀ ਇਮਾਰਤੀ ਹਾਲਤ ਸੁਧਾਰਨ ਲਈ ਨਬਾਰਡ ਉੱਨਤੀ ਸੈੱਡ ਉੱਨਤੀ-ਤੀਹ ਯੋਜਨਾ ਅਧੀਨ ਵਿੱਤੀ ਗ੍ਰਾਂਟਾਂ ਰਾਹੀਂ ਸਕੂਲਾਂ ਨੂੰ ਬੇਹਤਰ ਬਣਾਉਣ ਦਾ ਦਾਅਵਾ ਕੀਤਾ ਗਿਆ ਸੀ ਪ੍ਰੰਤੂ ਇਸ ਯੋਜਨਾ ਦੇ ਤਹਿਤ ਸਕੂਲਾਂ ਨੂੰ ਬਹੁਤ ਹੀ ਅਧੂਰੀਆਂ ਅਤੇ ਨਾਮਾਤਰ ਗ੍ਰਾਂਟਾਂ ਭੇਜੀਆਂ ਗਈਆਂ ਹਨ ਜਿਸ ਕਾਰਨ ਸਕੂਲ ਮੁਖੀ ਅਤੇ ਅਧਿਆਪਕ ਵੱਡੇ ਪੱਧਰ ‘ਤੇ ਮਾਨਸਿਕ ਤੌਰ ‘ਤੇ ਪਰੇਸ਼ਾਨ ਹੋ ਰਹੇ ਹਨ। ਗ੍ਰਾਂਟਾਂ ਦੀ ਘਾਟ ਕਾਰਨ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜ ਅੱਧਵਾਟੇ ਲਟਕ ਗਏ ਹਨ ਅਤੇ ਦੁਕਾਨਦਾਰਾਂ ਦੇ ਬਕਾਇਆ ਪੈਸੇ ਨਾ ਮਿਲਣ ਕਰਕੇ ਉਹ ਹੁਣ ਅਧਿਆਪਕਾਂ ਦੇ ਸਕੂਲਾਂ ਵਿੱਚ ਆ ਕੇ ਚੱਕਰ ਕੱਟ ਰਹੇ ਹਨ ਅਤੇ ਕਈ ਥਾਵਾਂ ‘ਤੇ ਤਾਂ ਦੁਕਾਨਦਾਰ ਅਧਿਆਪਕਾਂ ਨੂੰ ਰਸਤੇ ਵਿੱਚ ਰੋਕ ਕੇ ਆਪਣੇ ਬਕਾਇਆ ਪੈਸਿਆਂ ਦੀ ਮੰਗ ਕਰਦੇ ਹਨ ਜਿਸ ਨਾਲ ਅਧਿਆਪਕਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚ ਰਹੀ ਹੈ। ਇਸ ਤੋਂ ਇਲਾਵਾ ਸਕੂਲਾਂ ਦੀਆਂ ਇਮਾਰਤਾਂ, ਪਖਾਨੇ ਅਤੇ ਮਿਡ ਡੇ ਮੀਲ ਦੀਆਂ ਰਸੋਈਆਂ ਅਜੇ ਤੱਕ ਵੀ ਅਧੂਰੀਆਂ ਪਈਆਂ ਹਨ ਅਤੇ ਇਨ੍ਹਾਂ ਅਧੂਰੇ ਨਿਰਮਾਣ ਕਾਰਜਾਂ ਕਾਰਨ ਸਕੂਲਾਂ ਵਿੱਚ ਪੜ੍ਹਨ ਵਾਲੇ ਛੋਟੇ ਵਿਦਿਆਰਥੀਆਂ ਦੇ ਸੱਟ-ਫੇਟ ਲੱਗਣ ਦਾ ਹਰ ਵੇਲੇ ਗੰਭੀਰ ਖ਼ਤਰਾ ਬਣਿਆ ਰਹਿੰਦਾ ਹੈ ਜੋ ਕਿ ਅਧਿਆਪਕਾਂ ਲਈ ਇੱਕ ਹੋਰ ਵੱਡੀ ਚਿੰਤਾ ਦਾ ਵਿਸ਼ਾ ਹੈ। ਯੂਨੀਅਨ ਦੇ ਆਗੂਆਂ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਇਸ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸਭ ਤੋਂ ਵੱਧ ਮਾਨਸਿਕ ਪਰੇਸ਼ਾਨੀ ਦਾ ਸ਼ਿਕਾਰ ਦੇਸ਼ ਦੇ ਨਿਰਮਾਤਾ ਕਹੇ ਜਾਣ ਵਾਲੇ ਅਧਿਆਪਕ ਹੀ ਹੋਏ ਹਨ ਕਿਉਂਕਿ ਉਨ੍ਹਾਂ ਦੀ ਭਲਾਈ ਜਾਂ ਸਿੱਖਿਆ ਦੇ ਸੁਧਾਰ ਲਈ ਪੰਜਾਬ ਸਰਕਾਰ ਜਾਂ ਸਿੱਖਿਆ ਵਿਭਾਗ ਵੱਲੋਂ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਗਿਆ। ਇਸ ਦੇ ਉਲਟ ਅਧਿਆਪਕਾਂ ਸਿਰ ਮੜ੍ਹੀਆਂ ਗਈਆਂ ਵੱਡੀਆਂ ਗੈਰ-ਵਿੱਦਿਅਕ ਡਿਊਟੀਆਂ ਨੇ ਉਨ੍ਹਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਜਿਸ ਕਰਕੇ ਸਕੂਲਾਂ ਅੰਦਰ ਅਧਿਆਪਕਾਂ ਦੀ ਹਾਜ਼ਰੀ ਨਾ-ਮਾਤਰ ਰਹਿ ਗਈ ਹੈ ਅਤੇ ਵਿਦਿਆਰਥੀ ਪੜ੍ਹਾਈ ਦੇ ਸਮੇਂ ਆਪਣੇ ਅਧਿਆਪਕਾਂ ਨੂੰ ਲੱਭਦੇ ਫਿਰਦੇ ਹਨ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਤੋਂ ਜਲਦ ਨਬਾਰਡ ਯੋਜਨਾ ਅਧੀਨ ਬਣਦੀਆਂ ਸਾਰੀਆਂ ਰੁਕੀਆਂ ਹੋਈਆਂ ਗ੍ਰਾਂਟਾਂ ਤੁਰੰਤ ਜਾਰੀ ਨਾ ਕੀਤੀਆਂ ਤਾਂ ਜਥੇਬੰਦੀ ਵੱਲੋਂ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਝੂਠੀਆਂ ਇਸ਼ਤਿਹਾਰਬਾਜ਼ੀਆਂ ਦੀ ਪੋਲ ਜਨਤਕ ਤੌਰ ‘ਤੇ ਲੋਕਾਂ ਦੀ ਕਚਹਿਰੀ ਵਿੱਚ ਖੋਲ੍ਹੀ ਜਾਵੇਗੀ। ਇਸ ਅਹਿਮ ਮੌਕੇ ‘ਤੇ ਅਧਿਆਪਕਾਂ ਦੀਆਂ ਮੰਗਾਂ ਦਾ ਸਮਰਥਨ ਕਰਨ ਲਈ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ, ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਖੰਗੂੜਾ, ਜੁਗਪਰਗਟ ਸਿੰਘ, ਹਰਵਿੰਦਰ ਸਿੰਘ ਖੱਟੜਾ, ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੌਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਜਿੰਦਰ ਸਿੰਘ ਰਾਜਪੁਰਾ, ਡਾਕਟਰ ਬਲਜਿੰਦਰ ਸਿੰਘ ਪਠੋਣੀਆ, ਬੱਬਣ ਭਾਦਸੋਂ ਅਤੇ ਸ਼ਿਵਪ੍ਰੀਤ ਸਿੰਘ ਪਟਿਆਲਾ ਸਮੇਤ ਵੱਡੀ ਗਿਣਤੀ ਵਿੱਚ ਯੂਨੀਅਨ ਦੇ ਸਾਥੀ ਅਤੇ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਬੰਬ ਧਮਾਕਿਆਂ ਦੀ ਮਿਲੀ ਵੱਡੀ ਧਮਕੀ, ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ









Users Today : 55
Users Yesterday : 54
Users Last 7 days : 601