ਖੰਨਾ ਬਿਊਰੋ
ਪੰਜਾਬ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ 2100 ਨਰੇਗਾ ਮੁਲਾਜ਼ਮਾਂ ਲਈ ਇੱਕ ਬਹੁਤ ਹੀ ਚਿੰਤਾਜਨਕ ਅਤੇ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀਆਂ ਤੋਂ ਫਾਰਗ ਕਰਨ ਦੀਆਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਸੂਬਾ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਖ਼ਤਮ ਕਰਕੇ ਉਨ੍ਹਾਂ ਦੀ ਥਾਂ ‘ਤੇ ਠੇਕਾ ਪ੍ਰਣਾਲੀ ਅਤੇ ਨਵੀਂ ਭਰਤੀ ਕਰਨ ਦਾ ਫੁਰਮਾਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਨਰੇਗਾ ਕਰਮਚਾਰੀ ਯੂਨੀਅਨ ਵਿੱਚ ਭਾਰੀ ਰੋਸ ਫੈਲ ਗਿਆ ਹੈ ਅਤੇ ਯੂਨੀਅਨ ਵੱਲੋਂ ਆਉਣ ਵਾਲੀ 20 ਜੁਲਾਈ ਨੂੰ ਖੰਨਾ ਵਿਖੇ ਪੰਚਾਇਤ ਮੰਤਰੀ ਦੀ ਰਿਹਾਇਸ਼ ਦਾ ਮੁੜ ਤੋਂ ਵੱਡੇ ਪੱਧਰ ‘ਤੇ ਘਿਰਾਓ ਕਰਨ ਦਾ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਕੋਲੋਂ ਆਪਣੀਆਂ ਸੇਵਾਵਾਂ ਨੂੰ ਪੰਚਾਇਤ ਵਿਭਾਗ ਵਿੱਚ ਸ਼ਾਮਲ ਕਰਕੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਇਨ੍ਹਾਂ ਨਰੇਗਾ ਮੁਲਾਜ਼ਮਾਂ ਉੱਪਰ ਬੀਤੀ 15 ਜੁਲਾਈ ਨੂੰ ਖੰਨਾ ਵਿਖੇ ਪੰਚਾਇਤ ਮੰਤਰੀ ਦੀ ਕੋਠੀ ਅੱਗੇ ਪੁਲਿਸ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਸੀ ਅਤੇ ਉਸ ਦੌਰਾਨ ਲੱਗੇ ਜ਼ਖ਼ਮਾਂ ਦੀ ਪੀੜ ਅਜੇ ਘੱਟ ਵੀ ਨਹੀਂ ਹੋਈ ਸੀ ਕਿ ਅੱਜ ਪੰਚਾਇਤ ਵਿਭਾਗ ਵੱਲੋਂ 2100 ਨਰੇਗਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਅਧਿਕਾਰਤ ਪੱਤਰ ਜਾਰੀ ਕਰ ਦਿੱਤੇ ਗਏ। ਸਰਕਾਰ ਦੇ ਇਸ ਕਦਮ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਵਿੱਚ ਅਠਾਹਠ ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਨੌਕਰੀਆਂ ਦੇਣ ਅਤੇ ਪੱਕੇ ਕਰਨ ਦੇ ਵੱਡੇ-ਵੱਡੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਝੂਠਾ ਸਾਬਤ ਕਰ ਦਿੱਤਾ ਹੈ। ਧਿਆਨਯੋਗ ਹੈ ਕਿ 15 ਜੁਲਾਈ ਨੂੰ ਹੋਏ ਤਸ਼ੱਦਦ ਅਤੇ ਲਾਠੀਚਾਰਜ ਤੋਂ ਬਾਅਦ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਰੇਗਾ ਕਰਮਚਾਰੀ ਯੂਨੀਅਨ ਦੇ ਇੱਕ ਵਿਸ਼ੇਸ਼ ਵਫ਼ਦ ਨਾਲ ਬੈਠਕ ਕੀਤੀ ਸੀ ਅਤੇ ਉੱਚ ਅਫ਼ਸਰਸ਼ਾਹੀ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰਵਾਈ ਸੀ। ਉਸ ਮੀਟਿੰਗ ਦੌਰਾਨ ਸਹਿਮਤੀ ਬਣੀ ਸੀ ਕਿ ਨਰੇਗਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਮਲ ਕਰਨ ਲਈ ਇੱਕ ਮਜ਼ਬੂਤ ਕੇਸ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਪ੍ਰਵਾਨਗੀ ਲਈ ਭੇਜਿਆ ਜਾਵੇਗਾ ਅਤੇ ਜਿੰਨਾ ਚਿਰ ਕੇਸ ਨੂੰ ਪ੍ਰਵਾਨਗੀ ਨਹੀਂ ਮਿਲਦੀ, ਉਦੋਂ ਤੱਕ ਮੁਲਾਜ਼ਮਾਂ ਲਈ ਨਵਾਂ ਤਨਖ਼ਾਹ ਸਕੇਲ ਲਾਗੂ ਕੀਤਾ ਜਾਵੇਗਾ ਅਤੇ ਕੰਮ ਨਹੀਂ ਤਾਂ ਤਨਖ਼ਾਹ ਨਹੀਂ ਵਾਲੇ ਜਾਰੀ ਕੀਤੇ ਗਏ ਸਖ਼ਤ ਪੱਤਰਾਂ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲਿਆ ਜਾਵੇਗਾ, ਜਿਸ ਦਾ ਲਿਖ਼ਤੀ ਪੱਤਰ 16 ਜੁਲਾਈ ਨੂੰ ਮੁਲਾਜ਼ਮਾਂ ਨੂੰ ਸੌਂਪਿਆ ਜਾਣਾ ਸੀ। ਬੀਤੇ ਦਿਨ ਯੂਨੀਅਨ ਦੇ ਆਗੂ ਸਰਕਾਰ ਦੇ ਇਸ ਲਿਖ਼ਤੀ ਪੱਤਰ ਦੀ ਬੜੀ ਬੇਸਬਰੀ ਨਾਲ ਉਡੀਕ ਕਰਦੇ ਰਹੇ ਅਤੇ ਅੱਜ ਸਵੇਰੇ ਦਸ ਵਜੇ ਮੁੜ ਉਨ੍ਹਾਂ ਨੂੰ ਮਿੰਨੀ ਸਕੱਤਰੇਤ ਵਿਖੇ ਇੱਕ ਅਹਿਮ ਮੀਟਿੰਗ ਲਈ ਸੱਦਿਆ ਗਿਆ ਸੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪਾਕਿਸਤਾਨ ਵਿੱਚ ਕਥਿਤ ਗੈਰਤ ਦੇ ਨਾਂ ‘ਤੇ ਕਤਲ ਦਾ ਸਨਸਨੀਖੇਜ਼ ਮਾਮਲਾ ਆਇਆ ਸਾਹਮਣੇ, ਪੁਲਿਸ ਮੁਲਾਜ਼ਮ ਅਤੇ ਉਸ ਦੀ ਪ੍ਰੇਮਿਕਾ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ
ਇਸ ਉੱਚ ਪੱਧਰੀ ਮੀਟਿੰਗ ਦੌਰਾਨ ਵਿਭਾਗ ਦੇ ਸੀਨੀਅਰ ਅਧਿਕਾਰੀ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ, ਸੰਯੁਕਤ ਵਿਕਾਸ ਕਮਿਸ਼ਨਰ ਮੈਡਮ ਸੇਨਾ ਅਗਰਵਾਲ, ਨਿਰਦੇਸ਼ਕ ਉਮਾ ਸ਼ੰਕਰ ਗੁਪਤਾ ਅਤੇ ਉਪ ਨਿਰਦੇਸ਼ਕ ਅਮਿਤ ਤਲਵਾੜ ਸਾਫ਼ ਤੌਰ ‘ਤੇ ਤਨਖ਼ਾਹ ਸਕੇਲ ਦੇਣ ਦੇ ਆਪਣੇ ਕੀਤੇ ਵਾਅਦੇ ਤੋਂ ਬਿਲਕੁਲ ਮੁੱਕਰ ਗਏ। ਇਸ ਦੌਰਾਨ ਯੂਨੀਅਨ ਦੇ ਮੁੱਖ ਆਗੂਆਂ ਨੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਵੀ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਵਿਭਾਗ ਵੱਲੋਂ ਨਰੇਗਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਕੇ ਨਵੀਂ ਭਰਤੀ ਕਰਨ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਸਨ। ਸੂਬੇ ਦੇ ਪੈਂਹਠ ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਨਿੱਜੀ ਕੰਪਨੀਆਂ ਦੇ ਚੁੰਗਲ ਵਿੱਚੋਂ ਕੱਢ ਕੇ ਸਿੱਧਾ ਸਰਕਾਰੀ ਇਕਰਾਰਨਾਮੇ ‘ਤੇ ਲਿਆਉਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਦੀ ਅਫ਼ਸਰਸ਼ਾਹੀ ਵੱਲੋਂ ਹੁਣ ਇਨ੍ਹਾਂ ਮੁਲਾਜ਼ਮਾਂ ਦੀ ਥਾਂ ਪੈਸਕੋ ਕੰਪਨੀ ਰਾਹੀਂ ਨਵੀਂ ਭਰਤੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨਾਲ ਪੰਜਾਬ ਦੇ 2100 ਗਰੀਬ ਪਰਿਵਾਰਾਂ ਦਾ ਰੁਜ਼ਗਾਰ ਪੂਰੀ ਤਰ੍ਹਾਂ ਖੋਹ ਲਿਆ ਗਿਆ ਹੈ। ਸਰਕਾਰ ਦੇ ਇਸ ਲੋਕ-ਵਿਰੋਧੀ ਫੈਸਲੇ ਤੋਂ ਬਾਅਦ ਯੂਨੀਅਨ ਆਗੂਆਂ ਵੱਲੋਂ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਆਉਣ ਵਾਲੇ ਸੋਮਵਾਰ ਯਾਨੀ 20 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਕੋਠੀ ਦਾ ਦੁਬਾਰਾ ਘਿਰਾਓ ਕਰਨ ਦਾ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮ ਆਗੂਆਂ ਨੇ ਪੰਜਾਬ ਦੀਆਂ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ, ਕਿਸਾਨ-ਮਜ਼ਦੂਰ ਯੂਨੀਅਨਾਂ, ਸਮਾਜਿਕ ਤੇ ਜਨਤਕ ਜਥੇਬੰਦੀਆਂ ਸਮੇਤ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 20 ਜੁਲਾਈ ਦੇ ਇਸ ਰੋਸ ਪ੍ਰਦਰਸ਼ਨ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਅਤੇ ਨਰੇਗਾ ਮੁਲਾਜ਼ਮਾਂ ਦਾ ਸਾਥ ਦੇਣ। ਆਗੂਆਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਸਰਕਾਰ ਨੇ ਸਾਡੇ ਵੱਲੋਂ ਬਹੁਤ ਹੀ ਮਾਮੂਲੀ ਤਨਖ਼ਾਹਾਂ ‘ਤੇ ਪਿਛਲੇ ਅਠਾਰਾਂ ਸਾਲਾਂ ਤੋਂ ਕੀਤੀ ਜਾ ਰਹੀ ਦਿਨ-ਰਾਤ ਦੀ ਮਿਹਨਤ ਨੂੰ ਇੱਕੋ ਝਟਕੇ ਵਿੱਚ ਮਿੱਟੀ ਵਿੱਚ ਮਿਲਾ ਦਿੱਤਾ ਹੈ ਅਤੇ ਨਵੀਂ ਭਰਤੀ ਰਾਹੀਂ ਨਵੇਂ ਸਿਰੇ ਤੋਂ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਵਿੱਖ ਵਿੱਚ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਕੋਈ ਨੀਤੀ ਬਣਦੀ ਵੀ ਹੈ, ਤਾਂ ਨਵੀਂ ਭਰਤੀ ਕਾਰਨ ਕਿਸੇ ਵੀ ਮੁਲਾਜ਼ਮ ਨੂੰ ਪਿਛਲੀ ਲੰਬੀ ਸੇਵਾ ਦਾ ਕੋਈ ਲਾਭ ਨਹੀਂ ਮਿਲੇਗਾ ਅਤੇ ਨਾ ਹੀ ਕੋਈ ਪੱਕਾ ਹੋ ਸਕੇਗਾ, ਇਸ ਲਈ ਸਰਕਾਰ ਦੇ ਇਨ੍ਹਾਂ ਡਰਾਉਣੇ ਪੱਤਰਾਂ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ ਸਗੋਂ ਸਾਰਿਆਂ ਨੂੰ ਆਪਣੇ ਪਰਿਵਾਰਾਂ ਸਮੇਤ ਇਸ ਹੱਕੀ ਸੰਘਰਸ਼ ਦੇ ਮੈਦਾਨ ਵਿੱਚ ਕੁੱਦਣਾ ਪਵੇਗਾ। ਇਸ ਮੌਕੇ ਸੂਬਾ ਪ੍ਰਧਾਨ ਸੇਵਕ ਸਿੰਘ, ਸਰਪ੍ਰਸਤ ਵਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਪ੍ਰੈੱਸ ਸਕੱਤਰ ਅਮਰੀਕ ਸਿੰਘ, ਗੁਰਦੀਪ ਦਾਸ, ਹਲਵਿੰਦਰ ਸਿੰਘ ਹੈਪੀ, ਅਮਨਦੀਪ ਸਿੰਘ, ਅਵਤਾਰ ਸਿੰਘ, ਸੰਜੀਵ ਕਾਕੜਾ, ਰਣਧੀਰ ਸਿੰਘ, ਅਮਰਜੀਤ ਸਿੰਘ, ਰਮਨ ਕੁਮਾਰ, ਜਗਦੇਵ ਸਿੰਘ, ਕਿਸ਼ੋਰ ਕੁਮਾਰ, ਹਰਜਿੰਦਰ ਸਿੰਘ ਅਤੇ ਦਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਆਗੂ ਮੌਜੂਦ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਇੰਗਲੈਂਡ ‘ਚ ਤਰਨਤਾਰਨ ਦੀ ਮੁਟਿਆਰ ਕਿਰਨਦੀਪ ਕੌਰ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ









Users Today : 37
Users Yesterday : 112
Users Last 7 days : 620