ਬਰਨਾਲਾ ਬਿਊਰੋ
ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਅਤੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੇ ਇੱਕ ਵਾਰ ਫਿਰ ਆਰ-ਪਾਰ ਦੀ ਲੜਾਈ ਦਾ ਵਿਗੁਲ ਵਜਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਦੇਸ਼ ਵਿਆਪੀ ਸੱਦੇ ਦੇ ਤਹਿਤ ਅੱਜ ਬਾਈ ਜੁਲਾਈ ਨੂੰ ਪੰਜਾਬ ਭਰ ਵਿੱਚ ਇੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਵਿਸ਼ੇਸ਼ ਪ੍ਰੋਗਰਾਮ ਦੇ ਤਹਿਤ ਅੱਜ ਦੁਪਹਿਰ ਬਾਰ੍ਹਾਂ ਵਜੇ ਤੋਂ ਲੈ ਕੇ ਬਾਅਦ ਦੁਪਹਿਰ ਤਿੰਨ ਵਜੇ ਤੱਕ ਪੰਜਾਬ ਦੇ ਸਾਰੇ ਛੋਟੇ-ਵੱਡੇ ਟੋਲ ਪਲਾਜ਼ਿਆਂ ਨੂੰ ਪੂਰੀ ਤਰ੍ਹਾਂ ਮੁਫ਼ਤ ਕਰਵਾਇਆ ਜਾਵੇਗਾ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਇਲਾਕਿਆਂ ਜਾਂ ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ਾ ਨਹੀਂ ਹਨ, ਉੱਥੇ ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਮੁੱਖ ਆਗੂਆਂ, ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਜਾਂ ਸੰਸਦ ਮੈਂਬਰਾਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਸ਼ਾਂਤਮਈ ਢੰਗ ਨਾਲ ਧਰਨੇ ਅਤੇ ਪ੍ਰਦਰਸ਼ਨ ਕੀਤੇ ਜਾਣਗੇ। ਇਸ ਰੋਸ ਪ੍ਰਦਰਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਭਾਰਤ ਅਤੇ ਅਮਰੀਕਾ ਦੇ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਮੰਨਣਾ ਹੈ ਕਿ ਅਜਿਹੇ ਅੰਤਰਰਾਸ਼ਟਰੀ ਵਪਾਰਕ ਸਮਝੌਤਿਆਂ ਨਾਲ ਵਿਦੇਸ਼ੀ ਉਤਪਾਦਾਂ ਦੀ ਭਾਰਤੀ ਬਾਜ਼ਾਰਾਂ ਵਿੱਚ ਘੁਸਪੈਠ ਵਧੇਗੀ, ਜਿਸ ਦਾ ਸਿੱਧਾ ਅਤੇ ਮਾਰੂ ਅਸਰ ਦੇਸ਼ ਦੇ ਗਰੀਬ ਕਿਸਾਨਾਂ, ਖੇਤੀਬਾੜੀ ਖੇਤਰ ਅਤੇ ਪੇਂਡੂ ਆਰਥਿਕਤਾ ਉੱਤੇ ਪਵੇਗਾ। ਲੱਖੋਵਾਲ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਅਜਿਹੇ ਗੰਭੀਰ ਅਤੇ ਅਹਿਮ ਫੈਸਲੇ ਲੈਣ ਤੋਂ ਪਹਿਲਾਂ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਮਾਹਰਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ ਅਣਗੌਲਿਆ ਕਰਕੇ ਲਏ ਜਾ ਰਹੇ ਫੈਸਲੇ ਦੇਸ਼ ਦੀ ਖੇਤੀ ਨੂੰ ਤਬਾਹੀ ਵੱਲ ਧੱਕ ਰਹੇ ਹਨ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਜਾ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਵੱਲੋਂ ਰੋਕੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਦੇ ਰਸਤੇ ਵਿੱਚ ਵੱਡੇ-ਵੱਡੇ ਰੋਕਾਊ ਬੈਰੀਕੇਡ ਲਗਾਉਣਾ, ਤਾਰਾਂ ਵਿਛਾਉਣਾ ਅਤੇ ਭਾਰੀ ਪੁਲਿਸ ਬਲ ਦੀ ਵਰਤੋਂ ਕਰਨਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟਾ ਰਹੇ ਹਨ ਅਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ, ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ। ਅੱਜ ਦੇ ਤਿੰਨ ਘੰਟੇ ਦੇ ਇਸ ਪ੍ਰਦਰਸ਼ਨ ਦੌਰਾਨ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਵੀ ਕਿਸਾਨਾਂ ਵੱਲੋਂ ਆਪਣੇ ਵਾਲੰਟੀਅਰ ਤੈਨਾਤ ਕੀਤੇ ਜਾਣਗੇ ਤਾਂ ਜੋ ਕਿਸੇ ਵੀ ਐਮਰਜੈਂਸੀ ਵਾਹਨ ਨੂੰ ਰੋਕਿਆ ਨਾ ਜਾਵੇ ਅਤੇ ਆਮ ਜਨਤਾ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਹੋਰ ਤਾਜ਼ਾ ਖਬਰਾਂ ਲਈ ਕਲ੍ਹਿੱਕ ਕਰੋ। ਖੁੱਲ੍ਹੀਆਂ ਅੱਖਾਂ ਪ੍ਰੈਸ ਕਲੱਬ ਭਦੌੜ ਦਾ ਗਠਨ: ਵਿਨੋਦ ਕੁਮਾਰ ਕਲਸੀ ਸਰਪ੍ਰਸਤ ਅਤੇ ਗੁਰਬਿੰਦਰ ਸਿੰਘ ਪ੍ਰਧਾਨ ਨਿਯੁਕਤ









Users Today : 69
Users Yesterday : 17
Users Last 7 days : 589