ਬਰਨਾਲਾ ਬਿਊਰੋ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਸ਼ਹਿਣਾ ਦੀ ਇੱਕ ਮਹੱਤਵਪੂਰਨ ਮੀਟਿੰਗ ਬਲਾਕ ਆਗੂ ਹਰੀ ਸਿੰਘ ਮੋੜ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਿੰਡ ਛੀਨੀਵਾਲ ਵਿਖੇ ਬੜੇ ਉਤਸ਼ਾਹ ਨਾਲ ਕੀਤੀ ਗਈ, ਜਿਸ ਵਿੱਚ ਇਲਾਕੇ ਦੇ ਕਿਸਾਨਾਂ ਅਤੇ ਬਲਾਕ ਦੇ ਪ੍ਰਮੁੱਖ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਮੁੱਖ ਆਗੂ ਵਜੋਂ ਮਾਸਟਰ ਹਰਦੀਪ ਸਿੰਘ ਛੀਨੀਵਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਅਤੇ ਸੂਬੇ ਦੇ ਮੌਜੂਦਾ ਹਾਲਾਤ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੀ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦੀ ਬਜਾਏ ਉਨ੍ਹਾਂ ਦੇ ਸ਼ਾਂਤਮਈ ਸੰਘਰਸ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਦੀ ਭਾਰੀ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਇਸ ਕਾਰਵਾਈ ਨੂੰ ਜਮਹੂਰੀਅਤ ਦਾ ਘਾਣ ਕਰਾਰ ਦਿੱਤਾ। ਜ਼ਿਲ੍ਹਾ ਪ੍ਰਧਾਨ ਨੇ ਐਲਾਨ ਕੀਤਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਲਾਠੀਚਾਰਜ ਦੇ ਵਿਰੋਧ ਵਿੱਚ 27 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਝੰਡੇ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਸਿੱਖਿਆਰਥੀਆਂ ਦੇ ਹਮਾਇਤੀ ਦਿੱਲੀ ਵੱਲ ਕੂਚ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਕੂਚ ਨਿਰਧਾਰਿਤ ਸਮੇਂ ਅਨੁਸਾਰ ਕੀਤਾ ਜਾਵੇਗਾ ਅਤੇ ਇਸ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਦਿੱਲੀ ਕੂਚ ਦੀ ਲਾਮਬੰਦੀ ਲਈ 26 ਜੁਲਾਈ ਨੂੰ ਬਲਾਕ ਦੇ ਸਮੁੱਚੇ ਪਿੰਡਾਂ ਵਿੱਚ ਵੱਡੇ ਇਕੱਠ ਅਤੇ ਰੈਲੀਆਂ ਕਰਨ ਲਈ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਮੀਟਿੰਗ ਵਿੱਚ ਕਿਸਾਨਾਂ ਦੇ ਨਾਲ-ਨਾਲ ਔਰਤਾਂ ਦੀ ਵੀ ਭਾਰੀ ਸ਼ਮੂਲੀਅਤ ਦੇਖਣ ਨੂੰ ਮਿਲੀ। ਮੀਟਿੰਗ ਦੌਰਾਨ ਔਰਤ ਆਗੂ ਕਰਮਜੀਤ ਕੌਰ ਛੀਨੀਵਾਲ, ਬਿੰਦਰਪਾਲ ਕੌਰ ਭੋਤਨਾ, ਭੋਲਾ ਸਿੰਘ ਭੋਤਨਾ, ਵਿਜੇ ਕੁਮਾਰ ਭੋਤਨਾ, ਜਗਤਾਰ ਛੀਨੀਵਾਲ, ਗੁਰਪ੍ਰੀਤ ਮਹਿਲ, ਜੀਤ ਸਿੰਘ ਛੀਨੀਵਾਲ, ਜੱਗਾ ਨੈਣੇਵਾਲ, ਅਤੇ ਜੇਠਾ ਸੰਧੂ ਕਲਾਂ ਸਮੇਤ ਹੋਰ ਵੀ ਕਈ ਪ੍ਰਮੁੱਖ ਕਿਸਾਨ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਕਿਸਾਨ ਆਗੂਆਂ ਨੇ ਸੰਕਲਪ ਲਿਆ ਕਿ ਜਦੋਂ ਤੱਕ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀਆਂ, ਉਦੋਂ ਤੱਕ ਸੰਘਰਸ਼ ਨੂੰ ਪੂਰੀ ਤਨਦੇਹੀ ਨਾਲ ਨਿਰੰਤਰ ਜਾਰੀ ਰੱਖਿਆ ਜਾਵੇਗਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਭਦੌੜ ਨੂੰ ਤਹਿਸੀਲ ਦਾ ਦਰਜਾ ਦਿਵਾਉਣ ਲਈ ਪ੍ਰਸ਼ਾਸਨ ਨੇ ਵਿੱਢੀ ਕਾਰਵਾਈ, ਇਲਾਕੇ ਦੇ 25 ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ









Users Today : 0
Users Yesterday : 14
Users Last 7 days : 171