ਬਰਨਾਲਾ ਬਿਊਰੋ
ਦੇਸ਼ ਵਿੱਚ ਲਗਾਤਾਰ ਹੋ ਰਹੇ ਪ੍ਰੀਖਿਆ ਪੱਤਰ ਲੀਕ ਮਾਮਲਿਆਂ ਅਤੇ ਵਿਦਿਆਰਥੀਆਂ ਦੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੇ ਦਬਾਅ ਹੇਠ ਆ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵੱਲੋਂ ਦਿੱਤੇ ਅਸਤੀਫ਼ੇ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਘਟਨਾਕ੍ਰਮ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਦੇਸ਼ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਏਕੇ ਦੀ ਬਹੁਤ ਵੱਡੀ ਜਿੱਤ ਕਰਾਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਦੇਸ਼ ਅੰਦਰ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼ਰੇਆਮ ਪ੍ਰੀਖਿਆਵਾਂ ਦੇ ਪੇਪਰ ਵੇਚ ਕੇ ਦੇਸ਼ ਦੇ ਲੱਖਾਂ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਗਾਇਆ ਜਾ ਰਿਹਾ ਸੀ, ਜਿਸ ਵਿਰੁੱਧ ਸਾਡੇ ਦੇਸ਼ ਦੇ ਬੱਚਿਆਂ ਨੇ ਆਪਣੀ ਤਾਕਤ ਅਤੇ ਸੰਘਰਸ਼ੀ ਸੋਚ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਚਾਹੇ ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਦਿੱਤਾ ਧਰਨਾ ਹੋਵੇ, ਵੱਖ-ਵੱਖ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਕੀਤੇ ਰੋਸ ਮੁਜ਼ਾਹਰੇ ਹੋਣ ਜਾਂ ਫਿਰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਦੇ ਬਾਹਰ ਦਿੱਤੇ ਧਰਨੇ ਹੋਣ, ਨੌਜਵਾਨਾਂ ਨੇ ਹਰ ਜਗ੍ਹਾ ਇੱਕਜੁੱਟ ਹੋ ਕੇ ਵੱਡੇ ਪੱਧਰ ‘ਤੇ ਆਵਾਜ਼ ਬੁਲੰਦ ਕੀਤੀ। ਇਨ੍ਹਾਂ ਵਿਸ਼ਾਲ ਵਿਰੋਧ ਪ੍ਰਦਰਸ਼ਨਾਂ ਦੇ ਸਿੱਟੇ ਵਜੋਂ ਹੀ ਕੇਂਦਰੀ ਸਿੱਖਿਆ ਮੰਤਰੀ ਨੂੰ ਆਖਰਕਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਹੋਣਾ ਪਿਆ ਹੈ। ਹਰਪਾਲ ਸਿੰਘ ਚੀਮਾ ਨੇ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼ਾਸਕਾਂ ਨੇ ਕਈ ਦਿਨਾਂ ਤੱਕ ਇਸ ਸੰਘਰਸ਼ੀ ਅੰਦੋਲਨ ਨੂੰ ਤੋੜਨ ਅਤੇ ਕਮਜ਼ੋਰ ਕਰਨ ਦੀਆਂ ਤਮਾਮ ਕੋਸ਼ਿਸ਼ਾਂ ਕੀਤੀਆਂ ਪਰ ਦੇਸ਼ ਦੇ ਸਮਝਦਾਰ ਨੌਜਵਾਨ ਇੱਕਜੁੱਟ ਰਹੇ। ਅੱਜ ਦੇਸ਼ ਦੇ ਹੰਕਾਰੀ ਸ਼ਾਸਕਾਂ ਨੂੰ ਵਿਦਿਆਰਥੀਆਂ ਦੀ ਸ਼ਕਤੀ ਅੱਗੇ ਗੋਡੇ ਟੇਕਣੇ ਪਏ ਹਨ। ਇਹ ਅਸਤੀਫ਼ਾ ਦੇਸ਼ ਦੇ ਉੱਜਵਲ ਭਵਿੱਖ ਲਈ ਇੱਕ ਬਹੁਤ ਵੱਡੀ ਇਤਿਹਾਸਕ ਜਿੱਤ ਹੈ। ਦੂਜੇ ਪਾਸੇ ਆਪਣੇ ਅਸਤੀਫ਼ੇ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ‘ਤੇ ਪੋਸਟ ਜਾਰੀ ਕਰਦਿਆਂ ਲਿਖਿਆ ਕਿ ਉਹ ਪਿਛਲੇ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਸਿੱਖਿਆ ਸੁਧਾਰਾਂ ਲਈ ਸਮਰਪਿਤ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਇੱਕ ਸ਼ਕਤੀਸ਼ਾਲੀ, ਸਮਾਵੇਸ਼ੀ ਅਤੇ ਦੂਰਦਰਸ਼ੀ ਸਿੱਖਿਆ ਪ੍ਰਣਾਲੀ ਹੀ ਇੱਕ ਮਜ਼ਬੂਤ ਰਾਸ਼ਟਰ ਦੀ ਅਸਲ ਨੀਂਹ ਹੁੰਦੀ ਹੈ ਅਤੇ ਉਨ੍ਹਾਂ ਨੇ ਨੌਜਵਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਇਹ ਕਦਮ ਚੁੱਕਿਆ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਫ਼ਰਜ਼ੀਵਾੜਾ ਕਰਨ ਵਾਲੇ ਜਲੰਧਰ ਦੇ ਨਿੱਜੀ ਹਸਪਤਾਲ ‘ਤੇ ਸਿਹਤ ਮੰਤਰੀ ਦੀ ਵੱਡੀ ਕਾਰਵਾਈ, ਪੈਨਲ ਤੋਂ ਕੀਤਾ ਬਾਹਰ









Users Today : 0
Users Yesterday : 14
Users Last 7 days : 171