ਬਰਨਾਲਾ ਬਿਊਰੋ
ਆਪਣੀ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਵੱਡਾ ਦਾਅਵਾ ਕੀਤਾ ਹੈ ਕਿ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਭਰਤੀਆਂ ਜਾਂ ਪ੍ਰੀਖਿਆਵਾਂ ਨਾਲ ਸਬੰਧਤ ਇੱਕ ਵੀ ਪ੍ਰਸ਼ਨ ਪੱਤਰ ਲੀਕ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਪ੍ਰੀਖਿਆਵਾਂ ਕਰਵਾ ਕੇ ਨੌਜਵਾਨਾਂ ਦਾ ਭਰੋਸਾ ਬਹਾਲ ਕੀਤਾ ਹੈ ਅਤੇ ਬਿਨਾਂ ਕਿਸੇ ਧਾਂਦਲੀ ਦੇ ਯੋਗ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਸਿੱਖਿਆ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਜਦੋਂ ਕੋਈ ਪ੍ਰਸ਼ਨ ਪੱਤਰ ਲੀਕ ਹੀ ਨਹੀਂ ਹੋਇਆ ਤਾਂ ਅਸਤੀਫ਼ਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਨਾਲੇ ਇਹ ਮਾਮਲਾ ਸਿਹਤ ਮਹਿਕਮੇ ਨਾਲ ਜੁੜਿਆ ਹੋਇਆ ਹੈ, ਜਦਕਿ ਉਨ੍ਹਾਂ ਦਾ ਮਹਿਕਮਾ ਸਿੱਖਿਆ ਹੈ। ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਲਈ ਗਈ ਫਾਰਮੇਸੀ ਪ੍ਰੀਖਿਆ ਦੌਰਾਨ ਚੱਲੀ ਨਕਲ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਫੜੇ ਗਏ ਦੋਸ਼ੀਆਂ ਤੋਂ ਇਲਾਵਾ ਸਰਕਾਰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਵਿੱਚ ਜੁਟੀ ਹੋਈ ਹੈ ਕਿ ਇਸ ਨਕਲ ਕਾਂਡ ਦਾ ਅਸਲ ਮਾਸਟਰਮਾਈਂਡ ਕੌਣ ਸੀ। ਵਿਰੋਧੀ ਧਿਰਾਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਦਾ ਕਰਾਰਾ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਉਨ੍ਹਾਂ ਦੇ ਵਿਭਾਗ ਅਧੀਨ ਇੱਕ ਵੀ ਪ੍ਰਸ਼ਨ ਪੱਤਰ ਲੀਕ ਨਹੀਂ ਹੋਇਆ ਹੈ ਅਤੇ ਉਹ ਸੌ ਫੀਸਦੀ ਜ਼ਿੰਮੇਵਾਰੀ ਨਾਲ ਇਹ ਗੱਲ ਕਹਿ ਰਹੇ ਹਨ। ਉਨ੍ਹਾਂ ਵਿਰੋਧੀਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਪ੍ਰਸ਼ਨ ਪੱਤਰ ਲੀਕ ਦਾ ਸਬੂਤ ਦੇ ਦੇਵੇ ਤਾਂ ਉਹ ਜਵਾਬਦੇਹ ਹਨ। ਉਨ੍ਹਾਂ ਦੁੱਖ ਪ੍ਰਗਟਾਇਆ ਕਿ ਵਿਰੋਧੀ ਧਿਰਾਂ ਹਮੇਸ਼ਾ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੀਆਂ ਹਨ। ਸਰਕਾਰ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਸਕਦਾ ਹੈ ਜੋ ਆਪਣੇ ਸਿੱਖਿਆ ਬੋਰਡ ਨੂੰ ਵਿਸ਼ੇਸ਼ ਸੁਰੱਖਿਅਤ ਡਿਜੀਟਲ ਤਕਨਾਲੋਜੀ ਨਾਲ ਜੋੜੇਗਾ। ਇਸ ਮੌਕੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਅੱਠ ਸੌ ਬਿਆਸੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਨੇ ਰਾਸ਼ਟਰੀ ਪੱਧਰ ਦੀ ਮੈਡੀਕਲ ਪ੍ਰਵੇਸ਼ ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਅਤੇ ਪੰਜਾਬ ਦੇ ਸਿੱਖਿਆ ਮਾਡਲ ਲਈ ਇੱਕ ਬਹੁਤ ਵੱਡੀ ਮੱਲ ਹੈ। ਨਾਲ ਹੀ, ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਅਤੇ ਫੀਸਾਂ ‘ਤੇ ਲਗਾਮ ਲਗਾਉਣ ਲਈ ਲਿਆਂਦੇ ਗਏ ਆਰਡੀਨੈਂਸ ਨੂੰ ਵੀ ਇਸੇ ਵਿਧਾਨ ਸਭਾ ਸੈਸ਼ਨ ਦੌਰਾਨ ਪੂਰਨ ਕਾਨੂੰਨ ਦਾ ਰੂਪ ਦਿੱਤਾ ਜਾਵੇਗਾ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀਆਂ ਚਰਚਾਵਾਂ ‘ਤੇ ਬੋਲਦਿਆਂ ਬੈਂਸ ਨੇ ਕਿਹਾ ਕਿ ਇਹ ਦੇਸ਼ ਦੇ ਪ੍ਰੀਖਿਆਰਥੀਆਂ ਦੀ ਜਿੱਤ ਹੈ। ਸਿੱਖਿਆ ਮੰਤਰੀ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਦੇ ਸਿੱਖਿਆ ਮਾਡਲ ਵਿੱਚ ਹੋ ਰਹੇ ਸੁਧਾਰਾਂ ਦਾ ਅਸਰ ਹੁਣ ਸਾਫ਼ ਨਜ਼ਰ ਆ ਰਿਹਾ ਹੈ। ਅੱਜ ਸਥਿਤੀ ਇਹ ਹੈ ਕਿ ਦੂਜੇ ਸੂਬਿਆਂ ਤੋਂ ਵੀ ਬੱਚੇ ਪੰਜਾਬ ਦੇ ਸਰਕਾਰੀ ਅਤੇ ਉੱਚ ਸਿੱਖਿਆ ਸੰਸਥਾਵਾਂ ਵਿੱਚ ਪੜ੍ਹਨ ਲਈ ਆ ਰਹੇ ਹਨ ਅਤੇ ਪੰਜਾਬ ਦੇ ਸਕੂਲਾਂ ਤੇ ਕਾਲਜਾਂ ਦਾ ਬੁਨਿਆਦੀ ਢਾਂਚਾ ਤੇਜ਼ੀ ਨਾਲ ਬਦਲ ਰਿਹਾ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਝਮਾਝਮ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਵੱਡੀ ਰਾਹਤ, ਨਾਲੀਆਂ ਦੇ ਗੰਦੇ ਪਾਣੀ ਨੇ ਵਧਾਈਆਂ ਨਗਰ ਨਿਵਾਸੀਆਂ ਦੀਆਂ ਮੁਸ਼ਕਲਾਂ









Users Today : 0
Users Yesterday : 29
Users Last 7 days : 198