ਬਰਨਾਲਾ ਬਿਊਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਇਸ ਵੱਡੇ ਫ਼ੈਸਲੇ ਦੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਤੋਂ ਨਿਰਧਾਰਤ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੀ ਮਿਤੀ ਵਿੱਚ ਬਦਲਾਅ ਕਰਦਿਆਂ ਇਸ ਨੂੰ 21 ਅਗਸਤ ਦੀ ਥਾਂ ਹੁਣ 22 ਅਗਸਤ ਨੂੰ ਕਰਵਾਉਣ ਦਾ ਨਿਰਣਾ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਸਰਕਾਰੀ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਹ ਅਹਿਮ ਇਕੱਤਰਤਾ ਜੋ ਪਹਿਲਾਂ 21 ਅਗਸਤ ਨੂੰ ਹੋਣੀ ਸੀ, ਉਹ ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗੀ। ਐਡਵੋਕੇਟ ਧਾਮੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਿੱਥੇ ਆਪ ਹਮੇਸ਼ਾਂ ਹਰ ਪੱਧਰ ‘ਤੇ ਯਤਨਸ਼ੀਲ ਰਹੀ ਹੈ, ਉੱਥੇ ਹੀ ਇਸ ਪੰਥਕ ਕਾਰਜ ਅਤੇ ਇਨਸਾਫ਼ ਲਈ ਲੜੇ ਜਾ ਰਹੇ ਹਰ ਸੰਘਰਸ਼ ਦਾ ਪੂਰਨ ਰੂਪ ਵਿੱਚ ਸਮਰਥਨ ਵੀ ਕਰਦੀ ਹੈ। ਉਨ੍ਹਾਂ ਸਰਕਾਰਾਂ ਦੇ ਰਵੱਈਏ ‘ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਹੱਕੀ ਮਾਮਲੇ ‘ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਇਨਸਾਫ਼ ਦੇਣ ਦੀ ਥਾਂ ਇਸ ਸੰਬੰਧੀ ਸ਼ਾਂਤਮਈ ਸੰਘਰਸ਼ ਕਰਨ ਵਾਲਿਆਂ ਦੀ ਆਵਾਜ਼ ਨੂੰ ਹੀ ਦਬਾਉਣਾ ਚਾਹੁੰਦੀ ਹੈ, ਜਿਸ ਦਾ ਇਨਸਾਫ਼ਪਸੰਦ ਹਰ ਵਿਅਕਤੀ ਅਤੇ ਸੰਸਥਾ ਨੂੰ ਪੂਰਜ਼ੋਰ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਦਫ਼ਤਰ ਅਤੇ ਇਸ ਦੇ ਅਧੀਨ ਆਉਂਦੇ ਸਮੂਹ ਅਦਾਰੇ ਤੇ ਵਿਦਿਅਕ ਸੰਸਥਾਵਾਂ ਵੀ ਪੂਰੀ ਤਰ੍ਹਾਂ ਬੰਦ ਰੱਖੀਆਂ ਜਾਣਗੀਆਂ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ ਖੁੱਲ੍ਹੀਆਂ ਅੱਖਾਂ ਸਪੈਸ਼ਲ ਕੇਡਰ ਅਧਿਆਪਕਾਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ, ਹੱਲ ਨਾ ਨਿਕਲਣ ’ਤੇ 19 ਅਗਸਤ ਨੂੰ ਗੰਭੀਰਪੁਰੇ ਵਿਖੇ ਕੈਂਡਲ ਮਾਰਚ ਕੱਢਣ ਦਾ ਐਲਾਨ









Users Today : 26
Users Yesterday : 24
Users Last 7 days : 195