ਲੁਧਿਆਣਾ ਬਿਊਰੋ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲੁਧਿਆਣਾ ਤੋਂ ਪੂਰੀਆਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ ਸਾਹਿਬ ਲੁਧਿਆਣਾ ਲਈ ਰਵਾਨਾ ਹੋਇਆ। ਇਸ ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ਉੱਤੇ ਮੌਜੂਦ ਰਹੀਆਂ। ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ ਅਤੇ ਸਭ ਨੂੰ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕਰਕੇ ਸਿੱਖਾਂ ਨੂੰ ਮੀਰੀ ਪੀਰੀ ਦੇ ਮਹਾਨ ਸਿਧਾਂਤ ਨਾਲ ਜੋੜਿਆ ਹੈ। ਇਸੇ ਸਿਧਾਂਤ ਦੀ ਚੇਤਨਾ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਇਹ ਮੀਰੀ ਪੀਰੀ ਖ਼ਾਲਸਾ ਮਾਰਚ ਸਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਖ਼ਾਲਸਾ ਪੰਥ ਕੌਮੀ ਮਸਲਿਆਂ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇੱਕਜੁੱਟ ਹੋਵੇ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਲੰਮੇ ਸਮੇਂ ਤੋਂ ਫਾਂਸੀ ਦੀ ਚੱਕੀ ਵਿੱਚ ਨਜ਼ਰਬੰਦ ਹਨ ਅਤੇ ਸਰਕਾਰ ਵੱਲੋਂ ਉਨ੍ਹਾਂ ਦੇ ਕੇਸ ਸਬੰਧੀ ਫੈਸਲਾ ਨਹੀਂ ਕੀਤਾ ਜਾ ਰਿਹਾ। ਇਸ ਤੋਂ ਇਲਾਵਾ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਜ਼ਮਾਨਤ ਤੱਕ ਨਹੀਂ ਦਿੱਤੀ ਜਾ ਰਹੀ, ਜੋ ਕਿ ਸਿੱਖਾਂ ਨਾਲ ਵੱਡੀ ਬੇਇਨਸਾਫ਼ੀ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰਬਾਣੀ ਅਤੇ ਗੁਰੂ ਇਤਿਹਾਸ ਨਾਲ ਜੋੜਨ ਤਾਂ ਜੋ ਉਹ ਨਸ਼ਿਆਂ ਵਰਗੀ ਬੁਰਾਈ ਤੋਂ ਬਚ ਸਕਣ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੌਮ ਦੇ ਸਾਹਮਣੇ ਕਈ ਵਾਰ ਔਖੇ ਸਮੇਂ ਆਏ ਪਰ ਖ਼ਾਲਸਾ ਪੰਥ ਨੇ ਗੁਰੂ ਉੱਤੇ ਭਰੋਸਾ ਰੱਖ ਕੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਇਸ ਦਾ ਸਾਹਮਣਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸਭ ਤੋਂ ਵੱਡੀ ਚੁਣੌਤੀ ਸਮਾਜ ਅੰਦਰ ਵਧ ਰਹੇ ਨਸ਼ੇ ਹਨ ਅਤੇ ਪੰਥ ਵਿਰੋਧੀ ਤਾਕਤਾਂ ਸਿੱਖ ਸਿਧਾਂਤਾਂ ਨੂੰ ਕਮਜ਼ੋਰ ਕਰਨ ਲਈ ਯਤਨਸ਼ੀਲ ਹਨ, ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਪੰਜਾਬ ਵਿੱਚੋਂ ਆਪਣੀਆਂ ਜਾਇਦਾਦਾਂ ਨਾ ਵੇਚਣ ਦੀ ਅਪੀਲ ਕਰਦਿਆਂ ਆਪਣੀ ਬੋਲੀ, ਵਿਰਾਸਤ ਅਤੇ ਨੌਜਵਾਨੀ ਨੂੰ ਬਚਾਉਣ ਦਾ ਆਹਵਾਨ ਕੀਤਾ। ਇਸ ਮਾਰਚ ਦੌਰਾਨ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਪ੍ਰਤੀ ਵੀ ਸੰਗਤਾਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਨੌਜਵਾਨਾਂ ਨੇ ਸਾਬਤ ਸੂਰਤ ਹੋਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਸਰਕਾਰ ਦਾ ਵਿਦਿਆਰਥੀਆਂ ਦੇ ਹੱਕ ‘ਚ ਵੱਡਾ ਫ਼ੈਸਲਾ: ਪੱਛੜੀਆਂ ਸ਼੍ਰੇਣੀਆਂ ਦੇ ਬੱਚਿਆਂ ਲਈ ਜਾਰੀ ਕੀਤਾ 15.72 ਕਰੋੜ ਰੁਪਏ ਦਾ ਵਜ਼ੀਫ਼ਾ









Users Today : 87
Users Yesterday : 14
Users Last 7 days : 232