ਬਰਨਾਲਾ ਬਿਊਰੋ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਵਿਖੇ ਇਹ ਦਾਅਵੇ ਹਕੀਕਤ ਤੋਂ ਕਾਫ਼ੀ ਦੂਰ ਦਿਖਾਈ ਦੇ ਰਹੇ ਹਨ। ਪਿੰਡ ਰਾਮਗੜ੍ਹ ਵਿਖੇ ਲਗਭਗ ਦਸ ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੀ ਗਈ ਸਰਕਾਰੀ ਡਿਸਪੈਂਸਰੀ ਦੀ ਇਮਾਰਤ ਪਿਛਲੇ ਪੰਜ ਸਾਲਾਂ ਤੋਂ ਅਧੂਰੀ ਪਈ ਹੈ, ਜਿਸ ਕਾਰਨ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਅਮਲੇ ਵੱਲੋਂ ਗੁਰਦੁਆਰਾ ਸਾਹਿਬ ਦੇ ਕਮਰਿਆਂ ਵਿੱਚ ਬੈਠ ਕੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪਿੰਡ ਦੇ ਆਮ ਲੋਕ ਆਪਣੀਆਂ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਗੁਰਦੁਆਰਾ ਸਾਹਿਬ ਆਉਣ ਲਈ ਮਜਬੂਰ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਪਿੰਡ ਦੇ ਤਤਕਾਲੀ ਸਰਪੰਚ ਰਾਜਵਿੰਦਰ ਸਿੰਘ ਰਾਜਾ ਦੀ ਰਹਿਨੁਮਾਈ ਹੇਠ ਸਰਕਾਰ ਵੱਲੋਂ ਦਸ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ, ਜਿਸ ਨਾਲ ਡਿਸਪੈਂਸਰੀ ਦੀ ਸ਼ਾਨਦਾਰ ਇਮਾਰਤ ਦਾ ਢਾਂਚਾ ਤਾਂ ਤਿਆਰ ਕਰ ਦਿੱਤਾ ਗਿਆ ਸੀ, ਪਰ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਸ ਦੀ ਉਸਾਰੀ ਦਾ ਕੰਮ ਮੁਕੰਮਲ ਨਹੀਂ ਕੀਤਾ ਜਾ ਸਕਿਆ। ਇਮਾਰਤ ਮੁਕੰਮਲ ਨਾ ਹੋਣ ਕਰਕੇ ਸਰਕਾਰ ਦੇ ਸਿਹਤ ਸੁਧਾਰਾਂ ਦੇ ਦਾਅਵਿਆਂ ਦੀ ਪੋਲ ਖੁੱਲ੍ਹ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਰਾਜਾ ਸਿੱਧੂ ਨੇ ਦੱਸਿਆ ਕਿ

ਉਨ੍ਹਾਂ ਦੇ ਕਾਰਜਕਾਲ ਦੌਰਾਨ ਆਈ ਦਸ ਲੱਖ ਦੀ ਗਰਾਂਟ ਨਾਲ ਡਿਸਪੈਂਸਰੀ ਦਾ ਢਾਂਚਾ ਤਿਆਰ ਕਰ ਦਿੱਤਾ ਗਿਆ ਸੀ, ਪਰ ਉਸ ਤੋਂ ਬਾਅਦ ਸਰਕਾਰ ਬਦਲਣ ਉਪਰੰਤ ਮੌਜੂਦਾ ਸਰਕਾਰ ਨੇ ਇਸ ਅਧੂਰੀ ਇਮਾਰਤ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਅਣਦੇਖੀ ਦਾ ਖਮਿਆਜ਼ਾ ਪਿੰਡ ਦੇ ਮਰੀਜ਼ਾਂ, ਆਮ ਲੋਕਾਂ ਅਤੇ ਇਲਾਜ ਕਰਨ ਵਾਲੇ ਸਿਹਤ ਮੁਲਾਜ਼ਮਾਂ ਨੂੰ ਭੁਗਤਣਾ ਪੈ ਰਿਹਾ ਹੈ। ਦੂਜੇ ਪਾਸੇ ਜਦੋਂ ਪਿੰਡ ਦੇ ਮੌਜੂਦਾ ਸਰਪੰਚ ਮਨਜੀਤ ਸਿੰਘ ਨਾਲ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪੰਚਾਇਤ ਵੱਲੋਂ ਸਿਵਲ ਸਰਜਨ ਦਫ਼ਤਰ ਬਰਨਾਲਾ ਵਿਖੇ ਮੰਗ ਪੱਤਰ ਦਿੱਤਾ ਗਿਆ ਸੀ, ਪਰ ਵਿਭਾਗ ਨੇ ਹੋਰ ਗਰਾਂਟ ਦੇਣ ਤੋਂ ਸਾਫ਼ ਇਨਕਾਰ ਕਰਦਿਆਂ ਪੰਚਾਇਤੀ ਫੰਡਾਂ ਵਿੱਚੋਂ ਹੀ ਇਸ ਦਾ ਕੰਮ ਪੂਰਾ ਕਰਨ ਦੀ ਸਲਾਹ ਦਿੱਤੀ। ਸਰਪੰਚ ਅਨੁਸਾਰ ਉਨ੍ਹਾਂ ਨੇ ਹੁਣ ਪੰਚਾਇਤੀ ਪੱਧਰ ‘ਤੇ ਕੰਮ ਸ਼ੁਰੂ ਕਰਵਾਇਆ ਹੈ, ਪਰ ਜਦੋਂ ਉਨ੍ਹਾਂ ਤੋਂ ਪੰਚਾਇਤੀ ਫੰਡਾਂ ਵਿੱਚੋਂ ਖਰਚ ਕੀਤੀ ਜਾ ਰਹੀ ਰਕਮ ਬਾਰੇ ਪੁੱਛਿਆ ਗਿਆ ਤਾਂ ਉਹ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ। ਹੁਣ ਦੇਖਣਾ ਇਹ ਹੋਵੇਗਾ ਕਿ ਪਿਛਲੇ ਪੰਜ ਸਾਲਾਂ ਤੋਂ ਅਣਦੇਖੀ ਦਾ ਸ਼ਿਕਾਰ ਹੋ ਕੇ ਚਿੱਟਾ ਹਾਥੀ ਬਣੀ ਇਸ ਡਿਸਪੈਂਸਰੀ ਨੂੰ ਪੰਚਾਇਤ ਕਦੋਂ ਤੱਕ ਮੁਕੰਮਲ ਕਰਕੇ ਲੋਕਾਂ ਸਮਰਪਿਤ ਕਰਦੀ ਹੈ। ਇਸ ਪੂਰੇ ਮਾਮਲੇ ਸਬੰਧੀ ਜਦੋਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਟੈਲੀਫ਼ੋਨ ‘ਤੇ ਸੰਪਰਕ ਨਹੀਂ ਹੋ ਸਕਿਆ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸ਼੍ਰੀ ਮਦ ਭਾਗਵਤ ਕਥਾ ਦੌਰਾਨ ਸਵਾਮੀ ਡਾ. ਰਾਮ ਤੀਰਥ ਜੀ ਮਹਾਰਾਜ ਨੇ ਭਗਤਾਂ ਨੂੰ ਭਗਤੀ ਦੇ ਰੰਗ ਵਿੱਚ ਰੰਗਿਆ









Users Today : 27
Users Yesterday : 120
Users Last 7 days : 278