ਬਰਨਾਲਾ ਬਿਊਰੋ
ਪੰਜਾਬ ਵਿੱਚ ਲੈਕਚਰਾਰਾਂ ਦੀ ਇੱਕ ਹਜ਼ਾਰ ਤੇਰ੍ਹਾਂ ਅਸਾਮੀਆਂ ਦੀ ਸਿੱਧੀ ਭਰਤੀ ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦਾ ਬਣਦਾ ਪੱਚੀ ਪ੍ਰਤੀਸ਼ਤ ਅਤੇ ਬਾਰ੍ਹਾਂ ਪ੍ਰਤੀਸ਼ਤ ਰਾਖਵਾਂ ਕੋਟਾ ਨਾ ਦੇਣ ਦੇ ਗੰਭੀਰ ਦੋਸ਼ ਲਗਾਉਂਦਿਆਂ ਅਧਿਆਪਕ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਵਿੱਢ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਜ਼ਿਲ੍ਹਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੂਬਾ ਸਰਕਾਰ ਦੀ ਭਲਾਈ ਮੰਤਰੀ, ਸਿੱਖਿਆ ਮੰਤਰੀ, ਭਲਾਈ ਸਕੱਤਰ ਅਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਰਾਖਵਾਂਕਰਨ ਵਿਰੋਧੀ ਮਾਨਸਿਕਤਾ ਤਹਿਤ ਇੱਕ ਹਜ਼ਾਰ ਤੇਰ੍ਹਾਂ ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਬਣਦਾ ਰਾਖਵਾਂ ਕੋਟਾ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ। ਆਗੂਆਂ ਨੇ ਦੱਸਿਆ ਕਿ ਇਸ ਮਸਲੇ ਦੇ ਸੁਖਾਵੇਂ ਹੱਲ ਲਈ ਸੂਬਾ ਕਮੇਟੀ ਵੱਲੋਂ ਭਲਾਈ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਤੇ ਸਿੱਖਿਆ ਵਿਭਾਗ ਦੇ ਆਲਾ ਅਧਿਕਾਰੀਆਂ ਨਾਲ ਕਈ ਅਹਿਮ ਮੀਟਿੰਗਾਂ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚ ਤੱਥਾਂ ਸਮੇਤ ਸਬੂਤ ਪੇਸ਼ ਕਰਕੇ ਪੱਖ ਰੱਖਿਆ ਗਿਆ ਸੀ ਕਿ ਵੱਖ-ਵੱਖ ਵਿਸ਼ਿਆਂ ਵਿੱਚ ਆਪਣੀ ਯੋਗਤਾ ਅਤੇ ਮੈਰਿਟ ਦੇ ਆਧਾਰ ‘ਤੇ ਭਰਤੀ ਹੋਏ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਹੀ ਰਾਖਵੇਂ ਨੁਕਤਿਆਂ ‘ਤੇ ਦਰਸਾਇਆ ਗਿਆ ਹੈ। ਇਹ ਕਾਰਵਾਈ ਰਾਖਵਾਂਕਰਨ ਨੀਤੀ, ਸੁਪਰੀਮ ਕੋਰਟ ਦੇ ਆਰ ਕੇ ਸੱਭਰਵਾਲ ਕੇਸ ਦੇ ਫੈਸਲੇ ਅਤੇ ਭਲਾਈ ਵਿਭਾਗ ਦੀਆਂ ਸਰਕਾਰੀ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਹੈ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਭਲਾਈ ਵਿਭਾਗ ਦੇ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ ਦੀ ਮੀਟਿੰਗ ਵਿੱਚ ਮੰਨਿਆ ਸੀ ਕਿ ਉਨ੍ਹਾਂ ਕੋਲ ਭਰਤੀ ਦਾ ਪੂਰਾ ਰਿਕਾਰਡ ਹੀ ਨਹੀਂ ਹੈ, ਜਿਸ ਤੋਂ ਇਹ ਸਵਾਲ ਪੈਦਾ ਹੁੰਦਾ ਹੈ ਕਿ ਅਧੂਰੇ ਰਿਕਾਰਡ ਦੇ ਆਧਾਰ ‘ਤੇ ਰਾਖਵਾਂ ਕੋਟਾ ਸਿਫ਼ਰ ਕਿਵੇਂ ਦਿਖਾ ਦਿੱਤਾ ਗਿਆ। ਅਧਿਆਪਕ ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਰਾਖਵਾਂਕਰਨ ਨਿਯਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਾਉਣ, ਰਜਿਸਟਰਾਂ ਦੀ ਜਾਂਚ ਕਰਨ ਅਤੇ ਨਿਰੀਖਣ ਰਿਪੋਰਟਾਂ ਤਿਆਰ ਕਰਨ ਵਿੱਚ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਜਾ ਰਹੀ, ਜਿਸ ਕਾਰਨ ਪੂਰੇ ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਵਿੱਚ ਭਾਰੀ ਰੋਸ ਦੀ ਲਹਿਰ ਫੈਲ ਗਈ ਹੈ। ਯੂਨੀਅਨ ਨੇ ਮੰਗ ਕੀਤੀ ਹੈ ਕਿ ਇੱਕ ਹਜ਼ਾਰ ਤੇਰ੍ਹਾਂ ਲੈਕਚਰਾਰ ਭਰਤੀ ਵਿੱਚ ਬਣਦਾ ਰਾਖਵਾਂ ਕੋਟਾ ਦੇਣ ਲਈ ਤੁਰੰਤ ਸੋਧ ਪੱਤਰ ਜਾਰੀ ਕੀਤਾ ਜਾਵੇ ਤਾਂ ਜੋ ਪੀੜਤ ਉਮੀਦਵਾਰਾਂ ਨੂੰ ਇਨਸਾਫ਼ ਮਿਲ ਸਕੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਵਾਜਬ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਇਸ ਸੰਘਰਸ਼ ਨੂੰ ਪੂਰੇ ਸੂਬੇ ਵਿੱਚ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਦੀ ਹੋਵੇਗੀ। ਇਸ ਵਿਸ਼ਾਲ ਰੋਸ ਧਰਨੇ ਅਤੇ ਪ੍ਰਦਰਸ਼ਨ ਵਿੱਚ ਵੱਖ-ਵੱਖ ਜਨਤਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਅਧਿਆਪਕਾਂ ਨੇ ਸ਼ਮੂਲੀਅਤ ਕਰਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸ਼੍ਰੀ ਮਦ ਭਾਗਵਤ ਕਥਾ ਦੌਰਾਨ ਸਵਾਮੀ ਡਾ. ਰਾਮ ਤੀਰਥ ਜੀ ਮਹਾਰਾਜ ਨੇ ਭਗਤਾਂ ਨੂੰ ਭਗਤੀ ਦੇ ਰੰਗ ਵਿੱਚ ਰੰਗਿਆ









Users Today : 99
Users Yesterday : 120
Users Last 7 days : 350