ਅੰਮ੍ਰਿਤਸਰ ਬਿਊਰੋ
ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਅਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਨੂੰ ਲੈ ਕੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਅੰਮ੍ਰਿਤਸਰ ਵਿਖੇ ਕੀਤੀ ਗਈ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਬਦਨਾਮ ਕਰਨ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਨਾਇਜਾਇਜ਼ ਵਰਤੋਂ ਕੀਤੀ ਜਾ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੰਜੇ ਸਿੰਘ, ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੂੰ ਕੇਂਦਰੀ ਜਾਂਚ ਏਜੰਸੀ ਰਾਹੀਂ ਵੱਖ-ਵੱਖ ਮਾਮਲਿਆਂ ਵਿੱਚ ਫਸਾਇਆ ਗਿਆ ਅਤੇ ਲੰਬੇ ਸਮੇਂ ਤੱਕ ਜੇਲ੍ਹਾਂ ਵਿੱਚ ਬੰਦ ਰੱਖਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਬਾਅਦ ਵਿੱਚ ਸੱਚ ਸਾਹਮਣੇ ਆਇਆ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਅਦਾਲਤ ਤੋਂ ਰਾਹਤ ਮਿਲੀ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ, ਜਿਸ ਦਾ ਸੂਬੇ ਵਿੱਚ ਕੋਈ ਮਜ਼ਬੂਤ ਆਧਾਰ ਨਹੀਂ ਹੈ, ਕੇਂਦਰੀ ਏਜੰਸੀ ਰਾਹੀਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਅਸਫਲ ਕੋਸ਼ਿਸ਼ ਕਰ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਵੱਖ-ਵੱਖ ਮਾਮਲਿਆਂ ਵਿੱਚ ਫਸਾਉਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਧਾਲੀਵਾਲ ਨੇ ਵਿਸਥਾਰ ਨਾਲ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਪੁਲਿਸ ਨੂੰ ਪੱਤਰ ਭੇਜ ਕੇ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਮੁਤਾਬਕ ਪੰਜਾਬ ਪੁਲਿਸ ਨੇ ਇਸ ਦਾ ਜਵਾਬ ਦਿੰਦਿਆਂ ਸਪੱਸ਼ਟ ਕੀਤਾ ਕਿ ਏਜੰਸੀ ਵੱਲੋਂ ਭੇਜੇ ਗਏ ਦਸਤਾਵੇਜ਼ ਅਤੇ ਗੱਲਬਾਤ ਦੇ ਵੇਰਵੇ ਸਪੱਸ਼ਟ ਤੌਰ ‘ਤੇ ਪੜ੍ਹੇ ਨਹੀਂ ਜਾ ਰਹੇ। ਇਸ ਲਈ ਏਜੰਸੀ ਦੇ ਸਬੰਧਤ ਅਧਿਕਾਰੀ ਨੂੰ ਪੁਲਿਸ ਮੁੱਖ ਦਫ਼ਤਰ ਪਹੁੰਚ ਕੇ ਸਾਰੇ ਠੋਸ ਸਬੂਤ ਅਤੇ ਦਸਤਾਵੇਜ਼ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਵੱਲੋਂ ਸਬੂਤ ਲੈ ਕੇ ਆਉਣ ਲਈ ਕਹਿਣ ਦੇ ਬਾਵਜੂਦ ਨਾ ਤਾਂ ਕੱਲ੍ਹ ਅਤੇ ਨਾ ਹੀ ਅੱਜ ਏਜੰਸੀ ਦਾ ਕੋਈ ਵੀ ਅਧਿਕਾਰੀ ਦਸਤਾਵੇਜ਼ ਲੈ ਕੇ ਪੰਜਾਬ ਪੁਲਿਸ ਕੋਲ ਪਹੁੰਚਿਆ। ਧਾਲੀਵਾਲ ਨੇ ਕਿਹਾ ਕਿ ਜਦੋਂ ਕੇਂਦਰੀ ਜਾਂਚ ਏਜੰਸੀ ਵੱਲੋਂ ਵਾਰ-ਵਾਰ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਪੰਜਾਬ ਪੁਲਿਸ ਨੂੰ ਪੁਖਤਾ ਸਬੂਤ ਵੀ ਮੁਹੱਈਆ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਇਸ ਪੂਰੇ ਮਾਮਲੇ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਿਆਸੀ ਤੌਰ ‘ਤੇ ਬਦਨਾਮ ਕਰਨ ਦੀ ਕੋਸ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਵੱਡੇ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਨ ਦੇ ਬਾਵਜੂਦ ਆਮ ਆਦਮੀ ਪਾਰਟੀ ਚੱਟਾਨ ਵਾਂਗ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਪਾਰਟੀ ਨਾ ਕਿਸੇ ਸਿਆਸੀ ਦਬਾਅ ਤੋਂ ਘਬਰਾਈ ਹੈ ਤੇ ਨਾ ਹੀ ਕਦੇ ਡਰੇਗੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸਨਅਤੀ ਖੇਤਰਾਂ ਵਿੱਚ ਲਗਾਤਾਰ ਪੰਜ ਘੰਟੇ ਬਿਜਲੀ ਕੱਟ ਲੱਗਣ ਕਾਰਨ ਕਾਰੋਬਾਰੀ ਪਰੇਸ਼ਾਨ, ਫੈਕਟਰੀਆਂ ਵਿੱਚ ਉਤਪਾਦਨ ਬੁਰੇ ਤਰੀਕੇ ਨਾਲ ਪ੍ਰਭਾਵਿਤ









Users Today : 140
Users Yesterday : 120
Users Last 7 days : 391