ਤਪਾ ਮੰਡੀ ਬਿਊਰੋ 18 ਫ਼ਰਵਰੀ
ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਘੁੜੈਲੀ ਚੌਂਕ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਚ ਇਕੋ ਪਰਿਵਾਰ ਦੇ ਚਾਰ ਮੈਂਬਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨਾਭਾ ਵਿਖੇ ਇਕ ਵਿਆਹ ਸਮਾਗਮ ’ਚ ਸ਼ਾਮਲ ਹੋ ਕੇ ਵਾਪਸ ਆਪਣੇ ਘਰ ਬਠਿੰਡਾ ਵੱਲ ਪਰਤ ਰਹੇ ਪਰਿਵਾਰ ਦੀ ਕਾਰ ਅਚਾਨਕ ਬੇਕਾਬੂ ਹੋ ਕੇ ਅੱਗੇ ਜਾ ਰਹੇ ਇਕ ਅਣਪਛਾਤੇ ਟਰੱਕ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਅਗਲੇ ਹਿੱਸੇ ਦੇ ਪਰਖੱਚੇ ਉੱਡ ਗਏ। ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ ਸ਼ਰਮਾ ਵਾਸੀ ਬਠਿੰਡਾ ਆਪਣੇ ਭਰਾ ਰਾਜੀਵ ਕੁਮਾਰ ਸ਼ਰਮਾ, ਪਤਨੀ ਮੀਨੂ ਕੁਮਾਰੀ ਤੇ ਪੁੱਤਰ ਵਿਵੇਕ ਸ਼ਰਮਾ ਨਾਲ ਕਾਰ ’ਚ ਸਵਾਰ ਹੋ ਕੇ ਆ ਰਹੇ ਸਨ। ਜਦੋਂ ਉਹ ਤਪਾ ਨੇੜਲੇ ਘੁੜੈਲੀ ਓਵਰਬ੍ਰਿਜ ਤੋਂ ਹੇਠਾਂ ਉਤਰ ਰਹੇ ਸਨ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਅਚਾਨਕ ਸੰਤੁਲਨ ਗੁਆ ਬੈਠੀ ਤੇ ਅੱਗੇ ਜਾ ਰਹੇ ਇਕ ਨਾਮਾਲੂਮ ਟਰੱਕ ’ਚ ਜਾ ਵੱਜੀ। ਚਾਰੇ ਸਵਾਰ ਕਾਰ ਦੇ ਅੰਦਰ ਹੀ ਬੁਰੀ ਤਰ੍ਹਾਂ ਫਸ ਗਏ। ਜਿਨ੍ਹਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਗੁਰਬਖਸ਼ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਤੇ ਸੜਕ ਦੇ ਵਿਚਕਾਰ ਫਸੀ ਨੁਕਸਾਨੀ ਕਾਰ ਨੂੰ ਹਟਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ। ਇਸ ਦੇ ਨਾਲ ਹੀ ਪੁਲਿਸ ਚੌਂਕੀ ਤਪਾ ਦੇ ਸਹਾਇਕ ਥਾਣੇਦਾਰ ਗੁਰਪਿਆਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ। ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮਿੰਨੀ ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਤੁਰੰਤ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਹਾਦਸੇ ਦੌਰਾਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਜਿਸ ਤੋਂ ਟੱਕਰ ਦੀ ਭਿਆਨਕਤਾ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਤਪਾ ਪੁਲਿਸ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਾਦਸਾ ਕਾਰ ਦੀ ਤੇਜ਼ ਰਫ਼ਤਾਰ ਕਾਰਨ ਵਾਪਰਿਆ ਜਾਂ ਫਿਰ ਟਰੱਕ ਚਾਲਕ ਦੀ ਕਿਸੇ ਗਲਤੀ ਕਾਰਨ। ਅਣਪਛਾਤੇ ਟਰੱਕ ਦੀ ਭਾਲ ਲਈ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।
Post Views: 10









Users Today : 1
Users Yesterday : 6
Users Last 7 days : 45