ਬਰਨਾਲਾ ਬਿਊਰੋ 8 ਮਈ
ਸਬ ਡਿਵੀਜ਼ਨ ਮਹਿਲ ਕਲਾਂ ਵਿੱਚ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਨਿਗਰਾਨੀ ਹੋਰ ਸਖ਼ਤ ਕਰ ਦਿੱਤੀ ਗਈ ਹੈ। ਇਸੇ ਤਹਿਤ ਸ੍ਰੀਮਤੀ ਕ੍ਰਿਤਿਕਾ ਗੋਇਲ, ਆਈ.ਏ.ਐਸ., ਉਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਧਨੇਰ ਦੀ ਅਚਾਨਕ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪਤਾ ਲੱਗਿਆ ਕਿ ਗ੍ਰਾਮ ਪੰਚਾਇਤ ਵੱਲੋਂ ਸਕੂਲ ਦੇ ਇੱਕ ਕਮਰੇ ਨੂੰ ਢਾਹ ਕੇ ਨਵਾਂ ਨਿਰਮਾਣ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਪਰ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਹ ਕੰਮ ਅਧੂਰਾ ਪਿਆ ਹੈ। ਕਮਰੇ ਨੂੰ ਢਾਹੁਣ ਤੋਂ ਬਾਅਦ ਇੱਟਾਂ ਅਤੇ ਹੋਰ ਮਲਬਾ ਲੰਬੇ ਸਮੇਂ ਤੋਂ ਸਕੂਲ ਪ੍ਰੰਗਣ ਵਿੱਚ ਹੀ ਪਿਆ ਹੋਇਆ ਹੈ, ਜੋ ਕਿ ਵਿਦਿਆਰਥੀਆਂ ਦੀ ਸੁਰੱਖਿਆ ਲਈ ਖਤਰਾ ਬਣ ਸਕਦਾ ਹੈ।

ਇਸ ਮੌਕੇ ਦੀ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਐਸ.ਡੀ.ਐਮ. ਨੇ ਤੁਰੰਤ ਪੰਚਾਇਤ ਸਕੱਤਰ ਨੂੰ ਸਕੂਲ ਵਿੱਚ ਬੁਲਾਇਆ ਅਤੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਨਿਰਮਾਣ ਅਤੇ ਮਲਬਾ ਹਟਾਉਣ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਇਆ ਜਾਵੇ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਪਹਿਲੀ ਪ੍ਰਾਥਮਿਕਤਾ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮਾਮਲੇ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਬਰਨਾਲਾ ਨਾਲ ਵੀ ਤਾਲਮੇਲ ਕੀਤਾ ਗਿਆ। ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਇਸ ਸਬੰਧੀ ਤਜਵੀਜ਼ ਤਿਆਰ ਕਰਕੇ ਡਾਇਰੈਕਟਰ ਆਫ ਪਬਲਿਕ ਇੰਸਟ੍ਰਕਸ਼ਨਜ਼, ਚੰਡੀਗੜ੍ਹ ਨੂੰ ਭੇਜ ਦਿੱਤੀ ਗਈ ਹੈ ਤਾਂ ਜੋ ਅਗਲੀ ਪ੍ਰਸ਼ਾਸਕੀ ਕਾਰਵਾਈ ਯਕੀਨੀ ਬਣਾਈ ਜਾ ਸਕੇ।ਉਪ ਮੰਡਲ ਮੈਜਿਸਟ੍ਰੇਟ ਨੇ ਹਦਾਇਤ ਕੀਤੀ ਕਿ ਭੇਜੀ ਗਈ ਤਜਵੀਜ਼ ਦੀ ਇੱਕ ਕਾਪੀ ਦਫਤਰ ਐਸ.ਡੀ.ਐਮ. ਮਹਿਲ ਕਲਾਂ ਵਿੱਚ ਵੀ ਜਮ੍ਹਾਂ ਕਰਵਾਈ ਜਾਵੇ, ਤਾਂ ਜੋ ਕੰਮ ਦੀ ਪ੍ਰਗਤੀ ‘ਤੇ ਨਜ਼ਰ ਰੱਖੀ ਜਾ ਸਕੇ ਅਤੇ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ।ਇਲਾਕੇ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਲਈ ਸੁਰੱਖਿਅਤ ਅਤੇ ਵਧੀਆ ਵਾਤਾਵਰਣ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਪ੍ਰਸ਼ਾਸਨ ਦੀ ਸਖ਼ਤੀ ਨਾਲ ਸਕੂਲ ਦੇ ਵਿਕਾਸ ਕੰਮ ਜਲਦੀ ਮੁਕੰਮਲ ਹੋਣਗੇ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| 27 ਘੰਟਿਆਂ ਬਾਅਦ ਪਾਣੀ ਵਾਲੀ ਟੈਂਕੀ ਤੋਂ ਉਤਰੇ ਸਰਪੰਚ ਜਗਜੀਵਨ ਸਿੰਘ – ਪ੍ਰਸ਼ਾਸਨ ਨਾਲ ਸਹਿਮਤੀ ਤੋਂ ਬਾਅਦ ਸੰਘਰਸ਼ ਨੂੰ ਵੱਡੀ ਜਿੱਤ ਕਰਾਰ |








Users Today : 12
Users Yesterday : 47
Users Last 7 days : 306