ਬਰਨਾਲਾ ਬਿਊਰੋ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਪ੍ਰਧਾਨਗੀ ਹੇਠ ਪਿੰਡ ਫ਼ਤਿਹਗੜ੍ਹ ਛੰਨਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੰਮੇ ਸਮੇਂ ਤੋਂ ਕਿਸਾਨਾਂ ਦੇ ਭਖਦੇ ਮਸਲਿਆਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ ਅਤੇ ਮੰਗਾਂ ਦਾ ਹੱਲ ਲੱਭਣ ਦੀ ਬਜਾਏ ਦਮਨਕਾਰੀ ਨੀਤੀਆਂ ਅਪਣਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਦਲਾਅ ਦੇ ਨਾਂ ‘ਤੇ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਨੇ ਕਿਸਾਨੀ ਮੰਗਾਂ ਨੂੰ ਪਾਸੇ ਰੱਖ ਕੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਅਤੇ ਲੋਕ-ਵਿਰੋਧੀ ਨੀਤੀਆਂ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਸੂਬੇ ਦਾ ਕਿਸਾਨ ਅਤੇ ਮਜ਼ਦੂਰ ਕਰਜ਼ੇ ਦੇ ਗੰਭੀਰ ਬੋਝ ਹੇਠ ਦਬਿਆ ਹੋਇਆ ਹੈ ਅਤੇ ਫਸਲਾਂ ਦੇ ਲਾਹੇਵੰਦ ਭਾਅ ਨਾ ਮਿਲਣ ਕਾਰਨ ਖੁਦਕੁਸ਼ੀਆਂ ਦਾ ਦੌਰ ਨਿਰੰਤਰ ਜਾਰੀ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ, ਬੀਜ ਐਕਟ ਅਤੇ ਮਨਰੇਗਾ ਵਰਗੀਆਂ ਯੋਜਨਾਵਾਂ ਨੂੰ ਖ਼ਤਮ ਕਰਨ ਦੇ ਯਤਨਾਂ ‘ਤੇ ਸੂਬਾ ਸਰਕਾਰ ਦੀ ਚੁੱਪ ਦੀ ਸਖ਼ਤ ਨਿਖੇਧੀ ਕੀਤੀ ਅਤੇ ਡੀਜ਼ਲ, ਪੈਟਰੋਲ, ਰਸੋਈ ਗੈਸ ਤੇ ਖਾਦਾਂ ਦੀਆਂ ਵਧਦੀਆਂ ਕੀਮਤਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਕਿਸਾਨ ਜਥੇਬੰਦੀ ਨੇ ਮੰਗ ਕੀਤੀ ਕਿ ਕਿਸਾਨਾਂ ਤੇ ਮਜ਼ਦੂਰਾਂ ਨੂੰ ਮੁਕੰਮਲ ਕਰਜ਼ਾ ਮੁਕਤ ਕੀਤਾ ਜਾਵੇ, ਸਹਿਕਾਰੀ ਸਭਾਵਾਂ ਵਿੱਚ ਇੱਕ ਵਾਰੀ ਨਿਪਟਾਰਾ ਯੋਜਨਾ ਤੁਰੰਤ ਲਾਗੂ ਕਰਕੇ ਘੱਟ ਵਿਆਜ ‘ਤੇ ਕਰਜ਼ੇ ਦੀ ਸੀਮਾ ਵਧਾਈ ਜਾਵੇ ਅਤੇ ਦਸ ਅਪ੍ਰੈਲ ਦੇ ਰੱਦ ਕੀਤੇ ਸਰਕੂਲਰ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਸਿੰਚਾਈ ਲਈ ਨਹਿਰੀ ਪਾਣੀ ਦੀ ਉਪਲਬਧਤਾ ਵਧਾਉਣ, ਪਾਣੀ ‘ਤੇ ਕਾਰਪੋਰੇਟ ਕਬਜ਼ਾ ਰੋਕਣ, ਖੇਤੀ ਕਨੈਕਸ਼ਨਾਂ ਤੋਂ ਵਾਂਝੇ ਕਿਸਾਨਾਂ ਨੂੰ ਤੁਰੰਤ ਟਿਊਬਵੈੱਲ ਕਨੈਕਸ਼ਨ ਜਾਰੀ ਕਰਨ ਅਤੇ ਮਿਆਦ ਪੁੱਗ ਚੁੱਕੇ ਡਿਮਾਂਡ ਨੋਟਾਂ ਦੀ ਮਿਆਦ ਵਧਾਉਣ ਦੀ ਵੀ ਮੰਗ ਕੀਤੀ। ਇਨ੍ਹਾਂ ਹੱਕੀ ਮੰਗਾਂ ਲਈ ਜੁਲਾਈ ਮਹੀਨੇ ਚੰਡੀਗੜ੍ਹ ਵਿਖੇ ਦੋ ਪ੍ਰਮੁੱਖ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ‘ਤੇ ਧਰਨੇ ਅਤੇ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ਵਿੱਚ ਜਰਨੈਲ ਸਿੰਘ ਬਦਰਾ, ਦਰਸ਼ਨ ਸਿੰਘ ਭੈਣੀ, ਬੁੱਕਣ ਸਿੰਘ ਸੱਦੋਵਾਲ, ਭਗਤ ਸਿੰਘ, ਕ੍ਰਿਸ਼ਨ ਸਿੰਘ, ਬਲੌਰ ਬਿੰਦੜ ਛੰਨਾ, ਨਰਿਪਜੀਤ ਸਿੰਘ ਬਡਬਰ, ਗੁਰਚਰਨ ਭਦੌੜ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਹਿਲਾ ਆਗੂ ਹਾਜ਼ਰ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾ
| ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ‘ਤੇ ਕੇਂਦਰ ਸਰਕਾਰ ਨੇ ਪਾਇਆ ਹੋਰ ਬੋਝ: ਵਿਧਾਇਕ ਲਾਭ ਸਿੰਘ ਉਗੋਕੇ |









Users Today : 9
Users Yesterday : 10
Users Last 7 days : 313