ਬਰਨਾਲਾ ਬਿਊਰੋ
ਜੰਗਲਾਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਕੱਚੇ ਵਰਕਰਾਂ ਦੀਆਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ਅਨੁਸਾਰ ਵਣ ਮੰਡਲ ਅਫ਼ਸਰ ਅੰਮ੍ਰਿਤਸਰ ਦੇ ਦਫ਼ਤਰ ਅੱਗੇ ਸੂਬਾ ਪ੍ਰਧਾਨ ਰਛਪਾਲ ਸਿੰਘ ਯੋਧਾਨਗਰੀ ਅਤੇ ਮੰਡਲ ਜਨਰਲ ਸਕੱਤਰ ਬਲਜਿੰਦਰ ਸਿੰਘ ਮਿੰਟੂ ਦੀ ਯੋਗ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਪ੍ਰਦਰਸ਼ਨ ਤੋਂ ਬਾਅਦ ਯੂਨੀਅਨ ਦੇ ਵਫ਼ਦ ਵੱਲੋਂ ਵਣ ਮੰਡਲ ਅਫ਼ਸਰ ਅੰਮ੍ਰਿਤਸਰ ਦੇ ਸੁਪਰਡੈਂਟ ਅਨੂ ਮੈਡਮ ਨੂੰ ਆਪਣੀਆਂ ਹੱਕੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਮਸਲੇ ਦੀ ਗੰਭੀਰਤਾ ‘ਤੇ ਵਿਚਾਰ ਰੱਖਦਿਆਂ ਆਗੂਆਂ ਨੇ ਸਰਕਾਰ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਵਰਕਰਾਂ ਦੀਆਂ ਚਿਰਾਂ ਤੋਂ ਲਮਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਬਣਦਾ ਨਿਪਟਾਰਾ ਕਰਨ ਦੀ ਥਾਂ ਸੂਬਾ ਸਰਕਾਰ ਅਤੇ ਵਿਭਾਗ ਵੱਲੋਂ ਸਿਰਫ਼ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੰਗਲਾਤ ਵਰਕਰਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਵੀ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਤਨਖ਼ਾਹਾਂ ਜਾਰੀ ਨਹੀਂ ਕੀਤੀਆਂ ਗਈਆਂ, ਜਿਸ ਕਰਕੇ ਇਸ ਲੱਕ-ਤੋੜ ਮਹਿੰਗਾਈ ਦੇ ਜ਼ਮਾਨੇ ਵਿੱਚ ਵਰਕਰਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਬਹੁਤ ਹੀ ਔਖਾ ਹੋ ਗਿਆ ਹੈ ਅਤੇ ਉਨ੍ਹਾਂ ਲਈ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਵੀ ਵੱਡੀ ਚੁਣੌਤੀ ਬਣ ਚੁੱਕਾ ਹੈ। ਆਗੂਆਂ ਨੇ ਦੱਸਿਆ ਕਿ ਮਈ 2023 ਦੀ ਵਿਭਾਗੀ ਨੀਤੀ ਅਨੁਸਾਰ ਸਰਕਾਰੀ ਰਿਕਾਰਡ ਵਿੱਚੋਂ ਤਰੁਟੀਆਂ ਨੂੰ ਦੂਰ ਕਰਨ ਲਈ ਕਈ ਵਾਰ ਉੱਚ ਪੱਧਰੀ ਪੈਨਲ ਮੀਟਿੰਗਾਂ ਕੀਤੀਆਂ ਗਈਆਂ, ਪਰ ਅਫ਼ਸੋਸ ਦੀ ਗੱਲ ਹੈ ਕਿ ਅਜੇ ਤੱਕ ਇੱਕ ਵੀ ਵਰਕਰ ਦੇ ਰਿਕਾਰਡ ਦੀ ਖ਼ਾਮੀ ਨੂੰ ਦੂਰ ਨਹੀਂ ਕੀਤਾ ਗਿਆ। ਇਸ ਮੌਕੇ ਹਰਿੰਦਰ ਕੁਮਾਰ ਐਮਾ ਅਤੇ ਗੁਰਦੀਪ ਸਿੰਘ ਕਲੇਰ ਨੇ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਜੰਗਲਾਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਮੁਸ਼ੱਕਤ ਕਰ ਰਹੇ ਵਰਕਰਾਂ ਨੂੰ ਹਰੇਕ ਸਾਲ ਵਿੱਚ ਦੋ ਸੌ ਚਾਲੀ ਦਿਨਾਂ ਦੀ ਸ਼ਰਤ ਦੀ ਬਜਾਏ ਦਸ ਸਾਲਾਂ ਵਿੱਚ ਕੁੱਲ ਚੌਵੀ ਸੌ ਦਿਨ ਗਿਣ ਕੇ ਤੁਰੰਤ ਪੱਕਾ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਰੈਗੂਲਰ ਕੀਤੇ ਗਏ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਲੇ ਨਿਯਮਾਂ ਅਨੁਸਾਰ ਹੀ ਸਾਰੇ ਸਰਕਾਰੀ ਲਾਭ ਦਿੱਤੇ ਜਾਣ ਅਤੇ ਦੇਸ਼ ਦੀ ਉੱਚ ਅਦਾਲਤ ਦੇ ਫ਼ੈਸਲੇ ਅਨੁਸਾਰ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦਿੱਤੀ ਜਾਵੇ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਦੀ ਸੀਨੀਆਰਤਾ ਸੂਚੀ ਨੂੰ ਸਾਲ 2026 ਤੱਕ ਅੰਤਿਮ ਰੂਪ ਦਿੱਤਾ ਜਾਵੇ ਅਤੇ ਇਸ ਸੂਚੀ ਨੂੰ ਤਿਆਰ ਕਰਦੇ ਸਮੇਂ ਐਤਵਾਰ ਦੀਆਂ ਛੁੱਟੀਆਂ ਨੂੰ ਵੀ ਸ਼ਾਮਲ ਕੀਤਾ ਜਾਵੇ। ਇਸ ਤੋਂ ਇਲਾਵਾ ਅਠਵੰਜਾ ਸਾਲ ਤੋਂ ਵੱਧ ਉਮਰ ਹੋਣ ਦੇ ਬਹਾਨੇ ਨਾਲ ਰੈਗੂਲਰ ਹੋਣ ਤੋਂ ਵਾਂਝੇ ਰਹਿ ਗਏ ਸਾਥੀਆਂ ਨੂੰ ਵੀ ਤੁਰੰਤ ਪੱਕਾ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਇੱਕ ਹੀ ਵਿਭਾਗ ਵਿੱਚ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਦੋਹਰੇ ਮਾਪਦੰਡਾਂ ਦੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਨਸ਼ੇ ਦੇ ਖ਼ਿਲਾਫ਼ ਭੜਕਿਆ ਲੋਕਾਂ ਦਾ ਗੁੱਸਾ, ਅਨਾਜ ਮੰਡੀ ਰੋਡ ‘ਤੇ ਧਰਨਾ ਲਗਾ ਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ |









Users Today : 24
Users Yesterday : 24
Users Last 7 days : 193