ਬਰਨਾਲਾ ਬਿਊਰੋ:
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਸੂਬਾ ਕਮੇਟੀ ਵੱਲੋਂ ਦਿੱਤੇ ਗਏ ਵਿਸ਼ੇਸ਼ ਸੱਦੇ ‘ਤੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਅਤੇ ਤਹਿਸੀਲ ਦਫ਼ਤਰ ਮਹਿਲ ਕਲਾਂ ਦੇ ਸਮੁੱਚੇ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਸਮਰਥਨ ਵਿੱਚ ਆਪਣੀਆਂ ਬਾਂਹਾਂ ‘ਤੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਮਹਿਲ ਕਲਾਂ ਦੇ ਸੁਪਰਡੈਂਟ ਹਰਵਿੰਦਰ ਸਿੰਘ ਨੇ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਂਝਾ ਫਰੰਟ ਵੱਲੋਂ ਲਗਾਤਾਰ ਸਰਕਾਰ ਦੇ ਧਿਆਨ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਲਿਆਂਦੀਆਂ ਜਾ ਰਹੀਆਂ ਹਨ, ਪਰ ਸਰਕਾਰ ਵੱਲੋਂ ਸਿਰਫ਼ ਭਰੋਸੇ ਹੀ ਦਿੱਤੇ ਜਾ ਰਹੇ ਹਨ

ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿੱਚ ਨਿਰਾਸ਼ਾ ਅਤੇ ਰੋਸ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਾਰਾਂ ਜੁਲਾਈ ਨੂੰ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਦੇ ਮੁੱਖ ਪ੍ਰਿੰਸੀਪਲ ਸਕੱਤਰ ਅਤੇ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਮੰਗਾਂ ਸਬੰਧੀ ਵਿਸਥਾਰ ਨਾਲ ਗੱਲਬਾਤ ਹੋਈ ਸੀ, ਜਿਸ ਵਿੱਚ ਮਸਲਿਆਂ ਦੇ ਹੱਲ ਦਾ ਆਸ਼ਵਾਸਨ ਦਿੱਤਾ ਗਿਆ ਸੀ, ਪਰ ਅਜੇ ਤੱਕ ਕੋਈ ਵੀ ਲਿਖਤੀ ਫ਼ੈਸਲਾ ਸਾਹਮਣੇ ਨਹੀਂ ਆਇਆ। ਇਸੇ ਕਰਕੇ ਸੂਬਾ ਕਮੇਟੀ ਦੇ ਉਲੇਖਿਤ ਪ੍ਰੋਗਰਾਮ ਅਨੁਸਾਰ ਸਤਾਰਾਂ ਜੁਲਾਈ ਨੂੰ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ, ਜਿਸ ਦੇ ਤਹਿਤ ਮਹਿਲ ਕਲਾਂ ਵਿਖੇ ਵੀ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਆਖਿਆ ਕਿ ਇਹ ਲੜਾਈ ਸਿਰਫ਼ ਤਨਖ਼ਾਹਾਂ ਜਾਂ ਭੱਤਿਆਂ ਦੀ ਨਹੀਂ, ਸਗੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨਾਲ ਜੁੜੀ ਹੋਈ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਚੋਣਾਂ ਦੌਰਾਨ ਕੀਤੇ ਆਪਣੇ ਵਾਅਦੇ ਨਿਭਾਉਂਦਿਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ। ਜੇਕਰ ਸਰਕਾਰ ਨੇ ਅਜੇ ਵੀ ਗੰਭੀਰਤਾ ਨਾ ਦਿਖਾਈ ਤਾਂ ਪੰਜਾਬ ਭਰ ਵਿੱਚ ਸੰਘਰਸ਼ ਨੂੰ ਹੋਰ ਵਿਸ਼ਾਲ ਅਤੇ ਤਿੱਖਾ ਕੀਤਾ ਜਾਵੇਗਾ,

ਜਿਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਗੁਰਮੀਤ ਕੌਰ ਸੀਨੀਅਰ ਸਹਾਇਕ, ਸਰਬਜੀਤ ਕੌਰ ਜੂਨੀਅਰ ਸਹਾਇਕ, ਕਰਨਅਵਤਾਰ ਸਿੰਘ ਪੰਧੇਰ ਤਹਿਸੀਲ ਸਹਾਇਕ, ਕਰਨਵੀਰ ਸਿੰਘ ਰਜਿਸਟਰੀ ਕਲਰਕ, ਮਨਦੀਪ ਸਿੰਘ ਕਲਰਕ, ਅਮ੍ਰਿਤ ਸਿੰਘ ਮੁੱਖ ਸੇਵਾਦਾਰ ਸਮੇਤ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕਰਦਿਆਂ ਇੱਕਜੁੱਟ ਹੋ ਕੇ ਸੰਘਰਸ਼ ਨੂੰ ਕਾਮਯਾਬ ਬਣਾਉਣ ਦਾ ਅਹਿਦ ਕੀਤਾ। ਕਰਮਚਾਰੀਆਂ ਨੇ ਆਖਿਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਜਥੇਬੰਦੀ ਦੇ ਹਰ ਸੰਘਰਸ਼ੀ ਸੱਦੇ ਨੂੰ ਪੂਰੀ ਤਨਦੇਹੀ ਨਾਲ ਕਾਮਯਾਬ ਬਣਾਇਆ ਜਾਵੇਗਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ; ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ,









Users Today : 0
Users Yesterday : 87
Users Last 7 days : 607