ਬਰਨਾਲਾ ਬਿਊਰੋ
ਸਰਬਉੱਚ ਅਦਾਲਤ ਵੱਲੋਂ ਲਾਗੂ ਕੀਤੀ ਗਈ ਨਵੀਂ ਲੀਗਲ ਏਡ ਡਿਫ਼ੈਂਸ ਕੌਂਸਲ ਨੀਤੀ ਦੇ ਵਿਰੋਧ ਵਿੱਚ ਪੰਜਾਬ ਭਰ ਦੇ ਵਕੀਲਾਂ ਵੱਲੋਂ ਚਲਾਏ ਜਾ ਰਹੇ ਸੰਘਰਸ਼ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਖ਼ੁਦ ਧਰਨੇ ਵਿੱਚ ਸ਼ਾਮਲ ਹੋਏ। ਇਸ ਮੌਕੇ ਵਕੀਲ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਕੀਲਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ ਅਤੇ ਇਸ ਨਵੀਂ ਨੀਤੀ ਕਾਰਨ ਪੰਜਾਬ ਦੇ ਵਕੀਲਾਂ ਨੂੰ ਵੱਡਾ ਆਰਥਿਕ ਅਤੇ ਪੇਸ਼ੇਵਰ ਨੁਕਸਾਨ ਝੱਲਣਾ ਪੈ ਸਕਦਾ ਹੈ। ਸਪੀਕਰ ਸੰਧਵਾ ਨੇ ਵਕੀਲਾਂ ਨੂੰ ਭਰੋਸਾ ਦਿਵਾਇਆ ਕਿ ਉਹ ਖ਼ੁਦ ਵਕੀਲਾਂ ਦੇ ਇੱਕ ਵਿਸ਼ੇਸ਼ ਵਫ਼ਦ ਨਾਲ ਭਾਰਤ ਦੇ ਮੁੱਖ ਜੱਜ ਕੋਲ ਸਮਾਂ ਲੈ ਕੇ ਮੁਲਾਕਾਤ ਕਰਨਗੇ ਅਤੇ ਇਸ ਨੀਤੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਉਨ੍ਹਾਂ ਦੇ ਸਾਹਮਣੇ ਮਜ਼ਬੂਤੀ ਨਾਲ ਰੱਖਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਬਉੱਚ ਅਦਾਲਤ ਦੀਆਂ ਹਦਾਇਤਾਂ ਦਾ ਪਾਲਣ ਕਰਨਾ ਹਰ ਸਰਕਾਰ ਲਈ ਲਾਜ਼ਮੀ ਹੁੰਦਾ ਹੈ, ਜਿਸ ਕਾਰਨ ਪੰਜਾਬ ਸਰਕਾਰ ਨੂੰ ਵੀ ਇਸ ਨੀਤੀ ਨੂੰ ਲਾਗੂ ਕਰਨਾ ਪਿਆ, ਪਰ ਵਕੀਲ ਭਾਈਚਾਰੇ ਦੀਆਂ ਹੋਰ ਲਿਖਤੀ ਮੰਗਾਂ ਨੂੰ ਵੀ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਮਹਿਲਾ ਵਕੀਲਾਂ ਦੀ ਸਹੂਲਤ ਲਈ ਵੱਖਰੇ ਕਮਰੇ ਦੀ ਸਥਾਪਨਾ ਵਾਸਤੇ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਬਾਰ ਕੌਂਸਲ ਦੇ ਸੀਨੀਅਰ ਆਗੂ ਅਤੇ ਵਕੀਲ ਵੀ.ਕੇ. ਵਰਮਾ ਨੇ ਆਖਿਆ ਕਿ ਸਪੀਕਰ ਵੱਲੋਂ ਦਿੱਤਾ ਗਿਆ ਭਰੋਸਾ ਸ਼ਲਾਘਾਯੋਗ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨੀਤੀ ਦਾ ਸਭ ਤੋਂ ਵੱਧ ਮਾੜਾ ਅਸਰ ਪੰਜਾਬ ਦੇ ਵਕੀਲਾਂ ‘ਤੇ ਪੈ ਰਿਹਾ ਹੈ, ਇਸ ਲਈ ਇਹ ਸੰਘਰਸ਼ ਨੀਤੀ ਰੱਦ ਹੋਣ ਤੱਕ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਗਲੇ ਦਿਨ ਫ਼ਰੀਦਕੋਟ ਬਾਰ ਕੌਂਸਲ ਦੇ ਸਾਰੇ ਵਕੀਲ ਸਮੂਹਕ ਭੁੱਖ ਹੜਤਾਲ ਕਰਨਗੇ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨਗੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਭਦੌੜ ਨੂੰ ਤਹਿਸੀਲ ਬਣਾਉਣ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਮੰਗ ਪੱਤਰ









Users Today : 29
Users Yesterday : 24
Users Last 7 days : 198