ਬੇਅੰਤ ਬਰਨਾਲਾ
ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਸਖਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ ਅਤੇ ਉੱਥੇ ਵੋਟਰਾਂ ਸਮੇਤ ਪੋਲਿੰਗ ਪਾਰਟੀਆਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਇਸੇ ਤਹਿਤ ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ ਨੇ ਨਗਰ ਕੌਂਸਲ ਅਧੀਨ ਆਉਂਦੇ ਇਲਾਕਿਆਂ ਅਤੇ ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗਗਨਦੀਪ ਸਿੰਘ ਨੇ ਆਪਣੇ ਖੇਤਰ ਦੇ ਪੋਲਿੰਗ ਬੂਥਾਂ ਦਾ ਵਿਸ਼ੇਸ਼ ਨਿਰੀਖਣ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਇਸ ਚੈਕਿੰਗ ਦਾ ਮੁੱਖ ਮਕਸਦ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੀਆਂ ਗਈਆਂ ਸਾਰੀਆਂ ਲੋੜੀਂਦੀਆਂ ਸਹੂਲਤਾਂ ਦੀ ਮੌਜੂਦਗੀ ਨੂੰ ਯਕੀਨੀ ਬਣਾਉਣਾ ਹੈ। ਇਸ ਦੌਰਾਨ ਖਾਸ ਕਰਕੇ ਦਿਵਿਆਂਗ ਅਤੇ ਬਜ਼ੁਰਗ ਵੋਟਰਾਂ ਦੀ ਸਹੂਲਤ ਲਈ ਬਣਾਏ ਗਏ ਰੈਂਪ, ਗਰਮੀ ਦੇ ਮੌਸਮ ਦੇ ਮੱਦੇਨਜ਼ਰ ਪੁਖਤਾ ਛਾਂਦਾਰ ਜਗ੍ਹਾ, ਸਾਫ਼ ਪੀਣ ਵਾਲੇ ਪਾਣੀ ਦੇ ਪ੍ਰਬੰਧ, ਬਿਜਲੀ ਦੀ ਨਿਰਵਿਘਨ ਸਪਲਾਈ ਅਤੇ ਸਾਫ਼-ਸਫ਼ਾਈ ਦੀ ਵਿਵਸਥਾ ਨੂੰ ਬੜੀ ਗੰਭੀਰਤਾ ਨਾਲ ਦੇਖਿਆ ਗਿਆ।

ਨਿਰੀਖਣ ਟੀਮਾਂ ਨੇ ਸਬੰਧਤ ਇਮਾਰਤਾਂ ਦੇ ਇੰਚਾਰਜ ਅਧਿਕਾਰੀਆਂ ਨੂੰ ਸਖਤ ਤਾਕੀਦ ਕੀਤੀ ਹੈ ਕਿ ਉਹ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲੈਣ ਤਾਂ ਜੋ ਡਿਊਟੀ ‘ਤੇ ਤਾਇਨਾਤ ਹੋਣ ਵਾਲੀਆਂ ਪੋਲਿੰਗ ਪਾਰਟੀਆਂ ਅਤੇ ਵੋਟ ਪਾਉਣ ਆਉਣ ਵਾਲੇ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਜਾਂ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਨਾਗਰਿਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਿਤ ਮਿਤੀ ਨੂੰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ, ਪੂਰੀ ਤਰ੍ਹਾਂ ਸ਼ਾਂਤੀਪੂਰਵਕ ਤਰੀਕੇ ਨਾਲ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ ਅਤੇ ਵੋਟ ਪਾਉਣ ਲਈ ਵੱਧ-ਚੜ੍ਹ ਕੇ ਅੱਗੇ ਆਉਣ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਚੋਣਾਂ ਦੇ ਮੱਦੇਨਜ਼ਰ ਭਦੌੜ ਪੁਲਿਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ, ਅਮਨ-ਕਾਨੂੰਨ ਭੰਗ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ |









Users Today : 9
Users Yesterday : 10
Users Last 7 days : 313