ਅੰਮ੍ਰਿਤਸਰ ਬਿਊਰੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਨੂੰ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੁਫ਼ਤ ਦਰਸ਼ਨ ਦੀਦਾਰੇ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਦੀ ਬੀਤੀ ਰਾਤ ਸ਼ਰਾਰਤੀ ਅੰਸਰਾਂ ਵੱਲੋਂ ਕੀਤੀ ਗਈ ਭੰਨਤੋੜ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਤਿੱਖੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਆਪਣੇ ਬਿਆਨ ਵਿੱਚ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸੰਗਤੀ ਸੇਵਾਵਾਂ ਵਿੱਚ ਵਿਘਨ ਪਾਉਣ ਅਤੇ ਗੁਰੂ ਘਰ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਇਹ ਘਿਨਾਉਣੀ ਹਰਕਤ ਬੇਹੱਦ ਦੁਖਦਾਈ ਅਤੇ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਅਤੇ ਸੰਗਤ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਇਹ ਬੱਸਾਂ ਸ਼ਰਧਾਲੂਆਂ ਲਈ ਸੇਵਾ ਦਾ ਇੱਕ ਵੱਡਾ ਸਾਧਨ ਹਨ। ਗੁਰੂ ਘਰ ਦੇ ਵਾਹਨਾਂ ਨੂੰ ਇਸ ਤਰ੍ਹਾਂ ਨੁਕਸਾਨ ਪਹੁੰਚਾਉਣਾ ਜਿੱਥੇ ਸ਼ਰਾਰਤੀ ਅੰਸਰਾਂ ਦੀ ਕੋਝੀ ਅਤੇ ਨਕਾਰਾਤਮਕ ਮਾਨਸਿਕਤਾ ਦਾ ਪ੍ਰਗਟਾਵਾ ਕਰਦਾ ਹੈ, ਉੱਥੇ ਹੀ ਸੰਗਤ ਦੀਆਂ ਨਿਰੰਤਰ ਚੱਲ ਰਹੀਆਂ ਸੇਵਾਵਾਂ ਵਿੱਚ ਵਿਘਨ ਪਾਉਣ ਅਤੇ ਇਸ ਪਵਿੱਤਰ ਕਾਰਜ ਨੂੰ ਪ੍ਰਭਾਵਿਤ ਕਰਨ ਦੀ ਇੱਕ ਨਾਕਾਮ ਕੋਸ਼ਿਸ਼ ਵੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਇਸ ਘਟਨਾ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ‘ਤੇ ਵੀ ਇਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਵੀ ਤਾੜਨਾ ਕਰਦਿਆਂ ਕਿਹਾ ਕਿ ਇਸ ਘਟਨਾ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਜਾਵੇ ਅਤੇ ਸੀਸੀਟੀਵੀ ਕੈਮਰਿਆਂ ਸਮੇਤ ਹੋਰ ਸਾਧਨਾਂ ਰਾਹੀਂ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਗੁਰੂ ਘਰ ਦੀਆਂ ਬੱਸਾਂ ਦੀ ਭੰਨਤੋੜ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਸ਼ਰਾਰਤੀ ਅੰਸਰ ਅਜਿਹੀ ਹਰਕਤ ਕਰਨ ਦੀ ਜੁਰਅਤ ਨਾ ਕਰ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦਾ ਲਾਪਤਾ ਭਤੀਜਾ ਅੰਮ੍ਰਿਤਸਰ ਤੋਂ ਸੁਰੱਖਿਅਤ ਮਿਲਿਆ









Users Today : 11
Users Yesterday : 24
Users Last 7 days : 180