ਬਰਨਾਲਾ ਬਿਊਰੋ
ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਆਪਣੇ ਸਰਕਾਰੀ ਵਿਭਾਗ ਵਿੱਚ ਪੱਕੇ ਹੋਣ ਦੀ ਜਾਇਜ਼ ਮੰਗ ਨੂੰ ਲੈ ਕੇ ਪੰਜਵੀਂ ਜੁਲਾਈ ਤੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ ਪੱਚੀਵੇਂ ਦਿਨ ਵੀ ਪੂਰੇ ਰੋਸ ਨਾਲ ਜਾਰੀ ਰਹੀ। ਇਸ ਮੌਕੇ ਧਰਨੇ ‘ਚ ਹਾਜ਼ਰ ਮੁਲਾਜ਼ਮ ਆਗੂਆਂ ਜਗਰੂਪ ਸਿੰਘ, ਜਗਸੀਰ ਭੰਗੂ, ਲਛਮਣ ਰਾਮਪੁਰਾ, ਹਰਦੀਪ ਤੱਗੜ ਅਤੇ ਬਲਜਿੰਦਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਮੇ ਅਰਸੇ ਤੋਂ ਲਗਾਤਾਰ ਬਹੁਤ ਹੀ ਨਿਗੂਣੀਆਂ ਤਨਖਾਹਾਂ ‘ਤੇ ਆਪਣੀਆਂ ਦਿਨ-ਰਾਤ ਸੇਵਾਵਾਂ ਦੇ ਰਹੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਿਰੜੀ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਸੰਘਰਸ਼ਾਂ ਦੀ ਬਦੌਲਤ ਹੀ ਪੰਜਾਬ ਸਰਕਾਰ ਵੱਲੋਂ ਮੌਨਸੂਨ ਇਜਲਾਸ ਦੌਰਾਨ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਠੇਕੇ ‘ਤੇ ਭਰਤੀ ਕਰਨ ਲਈ ਵਿਧਾਨ ਸਭਾ ਵਿੱਚ ਇੱਕ ਕਾਨੂੰਨ ਪਾਸ ਕੀਤਾ ਗਿਆ ਸੀ। ਪਰ ਆਗੂਆਂ ਨੇ ਦੋਸ਼ ਲਾਇਆ ਕਿ ਇਹ ਕਾਨੂੰਨ ਵੀ ਠੇਕਾ ਮੁਲਾਜ਼ਮਾਂ ਦੇ ਪੂਰੀ ਤਰ੍ਹਾਂ ਹੱਕ ਵਿੱਚ ਨਹੀਂ ਹੈ, ਕਿਉਂਕਿ ਇਸ ਕਾਨੂੰਨ ਵਿੱਚ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸਿੱਧਾ ਠੇਕੇ ‘ਤੇ ਭਰਤੀ ਕਰਨ ਦੀ ਗੱਲ ਕੀਤੀ ਗਈ ਹੈ ਅਤੇ ਇਸ ਕਾਨੂੰਨ ਦੀ ਇੱਕ ਧਾਰਾ ਅਨੁਸਾਰ ਇਨ੍ਹਾਂ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਦਸ ਸਾਲ ਹੋਰ ਸੇਵਾਵਾਂ ਦੇਣ ਤੋਂ ਬਾਅਦ ਹੀ ਪੱਕਾ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਇਸ ਕਥਿਤ ਧੋਖੇ ਦੇ ਵਿਰੋਧ ਵਿੱਚ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਇਹ ਹੜਤਾਲ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ। ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਪ੍ਰਬੰਧਕੀ ਮੈਨੇਜਮੈਂਟ ਤੋਂ ਪੁਰਜ਼ੋਰ ਮੰਗ ਕੀਤੀ ਕਿ ਵਿਭਾਗ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਤੋਂ ਤੁਰੰਤ ਵਿਭਾਗ ਵਿੱਚ ਪੱਕਾ ਕੀਤਾ ਜਾਵੇ। ਅੱਜ ਦੇ ਇਸ ਰੋਸ ਧਰਨੇ ਦੌਰਾਨ ਸਟੇਜ ਸੰਚਾਲਕ ਦੀ ਅਹਿਮ ਭੂਮਿਕਾ ਭਗਤ ਸਿੰਘ ਭੱਟੀ ਵੱਲੋਂ ਨਿਭਾਈ ਗਈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਮਹਿੰਗਾਈ ਭੱਤੇ ਦੇ ਮਾਮਲੇ ‘ਤੇ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ, ਵਿੱਤ ਵਿਭਾਗ ਦੀ ਮਨਜ਼ੂਰੀ ਤੋਂ ਬਿਨਾਂ ਨਹੀਂ ਹੋਵੇਗੀ ਕੋਈ ਅਦਾਇਗੀ |









Users Today : 26
Users Yesterday : 24
Users Last 7 days : 195