ਬਰਨਾਲਾ ਬਿਊਰੋ
ਮਹਿਲ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਸ ਵੇਲੇ ਵੱਡਾ ਸਿਆਸੀ ਤੇ ਪ੍ਰਸ਼ਾਸਨਿਕ ਵਿਵਾਦ ਖੜ੍ਹਾ ਹੋ ਗਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੈਂਕੜੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਤੱਕ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿੱਚ ਰੋਕ ਲਿਆ ਗਿਆ ਜਿਸ ਕਾਰਨ ਕਿਸਾਨ ਜਥੇਬੰਦੀ ਨੇ ਸਰਕਾਰ ਉੱਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਦੇ ਇਸ਼ਾਰੇ ਉੱਤੇ ਪੁਲਿਸ ਵੱਲੋਂ ਉਨ੍ਹਾਂ ਦੀ ਖੇਤਾਂ ਵਿੱਚ ਨਾਜਾਇਜ਼ ਘੇਰਾਬੰਦੀ ਕੀਤੀ ਗਈ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਦੀ ਨਾਕਾਮ ਕੋਸ਼ਿਸ਼ ਵੀ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਆਗੂ ਕਰਨੈਲ ਸਿੰਘ ਗਾਂਧੀ ਦੀ ਅਗਵਾਈ ਹੇਠ ਕਿਸਾਨ ਅਤੇ ਮਜ਼ਦੂਰ ਫ਼ਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਆਫ਼ੀ ਅਤੇ ਹੋਰ ਭੱਖਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਇੱਕ ਮੰਗ ਪੱਤਰ ਦੇਣ ਲਈ ਕਾਫ਼ਲੇ ਦੇ ਰੂਪ ਵਿੱਚ ਰਵਾਨਾ ਹੋਏ ਸਨ ਪਰ ਮੁੱਖ ਮੰਤਰੀ ਦੀ ਸੁਰੱਖਿਆ ਅਤੇ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ ਭਾਰੀ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਜਿਸ ਦੇ ਵਿਰੋਧ ਵਿੱਚ ਗੁੱਸੇ ਵਿੱਚ ਆਏ ਕਿਸਾਨ ਕੱਦੂ ਕੀਤੇ ਹੋਏ ਝੋਨੇ ਦੇ ਖੇਤਾਂ ਵਿੱਚ ਹੀ ਧਰਨਾ ਲਾ ਕੇ ਡਟ ਗਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਤਿੱਖਾ ਰੋਸ ਪ੍ਰਗਟਾਇਆ। ਖੇਤਾਂ ਵਿੱਚ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਖ਼ੁਦ ਨੂੰ ਕਿਸਾਨਾਂ ਦੇ ਸਭ ਤੋਂ ਵੱਡੇ ਹਮਾਇਤੀ ਅਖਵਾਉਂਦੇ ਹਨ ਪਰ ਦੂਜੇ ਪਾਸੇ ਜਦੋਂ ਸੂਬੇ ਦਾ ਅੰਨਦਾਤਾ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਉਨ੍ਹਾਂ ਨੂੰ ਮਿਲਣ ਜਾਂਦਾ ਹੈ ਤਾਂ ਪੁਲਿਸ ਦੀ ਮਦਦ ਨਾਲ ਉਨ੍ਹਾਂ ਦੀ ਆਵਾਜ਼ ਨੂੰ ਬੇਰਹਿਮੀ ਨਾਲ ਦਬਾਇਆ ਜਾਂਦਾ ਹੈ ਜੋ ਕਿ ਸਿੱਧੇ ਤੌਰ ਉੱਤੇ ਲੋਕਤੰਤਰ ਦਾ ਘਾਣ ਹੈ ਅਤੇ ਮੌਜੂਦਾ ਸਰਕਾਰ ਦਾ ਦੋਹਰਾ ਚਿਹਰਾ ਜਨਤਾ ਦੇ ਸਾਹਮਣੇ ਬੇਨਕਾਬ ਕਰਦਾ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਲਫ਼ਜ਼ਾਂ ਵਿੱਚ ਚਿਤਾਵਨੀ ਦਿੱਤੀ ਕਿ ਉਹ ਸਰਕਾਰ ਦੀਆਂ ਅਜਿਹੀਆਂ ਧੱਕੇਸ਼ਾਹੀਆਂ ਅਤੇ ਡਰਾਵੇਬਾਜ਼ੀਆਂ ਅੱਗੇ ਕਦੇ ਵੀ ਝੁਕਣਗੇ ਨਹੀਂ ਅਤੇ ਫ਼ਸਲਾਂ ਉੱਤੇ ਕਾਨੂੰਨੀ ਗਾਰੰਟੀ, ਕਿਸਾਨਾਂ-ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ ਅਤੇ ਹੋਰ ਜਨਤਕ ਮੁੱਦਿਆਂ ਨੂੰ ਲੈ ਕੇ ਜਥੇਬੰਦੀ ਦਾ ਸੰਘਰਸ਼ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਮਜ਼ਬੂਤੀ ਅਤੇ ਤਿੱਖੇ ਰੂਪ ਵਿੱਚ ਜਾਰੀ ਰਹੇਗਾ।









Users Today : 4
Users Yesterday : 17
Users Last 7 days : 524